ਚੰਡੀਗੜ੍ਹ, 3 ਅਗਸਤ
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਦੂਸ਼ਣਬਾਜ਼ੀ ‘ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ’ ਵਾਲੀ ਕਹਾਵਤ ਵਾਂਗ ਹੈ ਕਿਉਂਕਿ ਅਕਾਲੀਆਂ ਦੇ ਰਾਜ ਦੌਰਾਨ ਸਾਲ 2012 ਤੇ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਤੇ ਬਟਾਲਾ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਇਨ੍ਹਾਂ ਘਟਨਾਵਾਂ ਵਿੱਚ ਸੈਂਕੜੇ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਬਟਾਲਾ ਘਟਨਾ ਸਬੰਧੀ ਨਾ ਤਾਂ ਕੋਈ ਐਫ.ਆਈ.ਆਰ. ਦਰਜ ਹੋਈ ਸੀ ਅਤੇ ਨਾ ਹੀ ਮੁੱਖ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ।
ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਨਹੀਂ ਹੈ, ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਸਾਂਝੇ ਕਦਮ ਪੁੱਟਣ ਦਾ ਹੈ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਫ਼ਤ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ ‘ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਬਹੁਤ ਹੀ ਮੰਦਭਾਗਾ ਰੁਝਾਨ ਹੈ, ਇਹ ਸਿਰਫ਼ ਸਿਆਸੀ ਲਾਹਾ ਲੈਣ ਦਾ ਹੀ ਚਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਆਪਣਾ ਗੁਆਚਿਆ ਹੋਇਆ ਸਿਆਸੀ ਧਰਾਤਲ ਮੁੜ ਹਾਸਲ ਕਰਨ ਲਈ ਕੁੱਝ ਕਰਕੇ ਦਿਖਾਉਣਾ ਚਾਹੀਦਾ ਹੈ।