ਫ਼ਰੀਦਕੋਟ। ਬਰਗਾੜੀ ਬੇਅਦਬੀ ਕੇਸ ਦੀ ਜਾਂਚ ਕਰ ਰਹੀ IG ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ 6 ਮੁਲਜ਼ਮਾਂ ਖਿਲਾਫ਼ ਜ਼ਿਲ੍ਹਾ ਅਦਾਲਤ ‘ਚ ਚਲਾਨ ਪੇਸ਼ ਕਰ ਦਿੱਤਾ ਹੈ। ਡੇਰਾ ਸਿਰਸਾ ਨਾਲ ਜੁੜੇ ਇਹਨਾਂ ਮੁਲਜ਼ਮਾਂ ਨੂੰ 16 ਮਈ ਨੂੰ SIT ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਹਨਾਂ ਨੂੰ ਚਲਾਨ ‘ਚ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਬੇਅਦਬੀ ਕੇਸ ਹੁਣ ਤੱਕ…
ਸਾਲ 2015 ‘ਚ 12 ਅਕਤੂਬਰ ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਕੇਸ ਦਰਜ ਕੀਤਾ ਸੀ। 2 ਨਵੰਬਰ, 2015 ਨੂੰ ਇਹ ਕੇਸ CBI ਨੂੰ ਟ੍ਰਾਂਸਫਰ ਕਰ ਦਿੱਤਾ ਗਿਆ।
6 ਸਤੰਬਰ, 2018 ਨੂੰ ਪੰਜਾਬ ਸਰਕਾਰ ਵੱਲੋਂ CBI ਤੋਂ ਕੇਸ ਵਾਪਸ ਲੈਣ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ। 4 ਜੁਲਾਈ, 2019 ਨੂੰ CBI ਨੇ ਇਸ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ‘ਚ ਕਲੋਜ਼ਰ ਰਿਪੋਰਟ ਦਾਖਲ ਕਰ ਦਿੱਤੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਇਸੇ ਸਾਲ ਮਈ ਮਹੀਨੇ ‘ਚ IG ਬਾਰਡਰ ਰੇਂਜ SPS ਪਰਮਾਰ ਦੀ ਅਗਵਾਈ ‘ਚ SIT ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਨਵੇਂ ਸਿਰੋ ਤੋਂ ਕੀਤੀ ਜਾ ਰਹੀ ਹੈ।