October 31, 2022
(Chandigarh)
ਪੰਜਾਬ ਪੁਲਿਸ ਨੇ ਪਿਛਲੇ 4 ਮਹੀਨਿਆਂ ਦੀ ਨਸ਼ੇ ਵਿਰੁੱਧ ਜੰਗ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸਦੇ ਨਾਲ ਹੀ ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।
406.5 ਕਿੱਲੋ ਹੈਰੋਇਨ ਫੜੀ ਗਈ
ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 259.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਚਾਰ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 406.5 ਕਿਲੋਗ੍ਰਾਮ ਹੋ ਗਈ ਹੈ।
4.49 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 300 ਕਿਲੋ ਅਫੀਮ, 197.2 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਚਾਰ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪਿਛਲੇ 2 ਹਫ਼ਤਿਆਂ ‘ਚ 508 ਤਸਕਰ ਗ੍ਰਿਫ਼ਤਾਰ
2 ਹਫ਼ਤੇ ਦੌਰਾਨ ਹੋਈ ਡਰੱਗ ਰਿਕਵਰੀ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ 54 ਵਪਾਰਕ ਮਾਮਲਿਆਂ ਸਮੇਤ 399 ਐੱਫ.ਆਈ.ਆਰਜ਼ ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 26.5 ਕਿਲੋ ਹੈਰੋਇਨ, 17 ਕਿਲੋ ਅਫੀਮ, 13.8 ਕਿਲੋ ਗਾਂਜਾ, 19 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 1.20 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 4.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
2 ਹਫ਼ਤਿਆਂ ‘ਚ 7 ਹੋਰ ਭਗੌੜੇ ਕਾਬੂ, ਕੁੱਲ 383 ਫੜੇ
ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਹਫ਼ਤਿਆਂ ਵਿੱਚ ਐਨਡੀਪੀਐਸ ਕੇਸਾਂ ਵਿੱਚ 07 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 383 ਹੋ ਗਈ ਹੈ।