ਚੰਡੀਗੜ੍ਹ। ਦੇਸ਼ ਭਰ ‘ਚ ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ ਤੇ ਪੰਜਾਬ ਉਹਨਾਂ ਸੂਬਿਆਂ ‘ਚੋਂ ਇੱਕ ਹੈ, ਜਿਥੇ ਕੋਰੋਨਾ ਦੀ ਰਫ਼ਤਾਰ ਬੇਹੱਤ ਤੇਜ਼ ਹੈ। ਲਿਹਾਜ਼ਾ ਸੂਬੇ ‘ਚ ਸਰਕਾਰ ਵੱਲੋਂ ਇਕੱਠਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਅਜਿਹੇ ‘ਚ ਸਕੂਲ-ਕਾਲਜ ਵਰਚੁਅਲ ਤਰੀਕੇ ਨਾਲ ਚਲਾਏ ਜਾ ਰਹੇ ਹਨ। ਸਰਕਾਰੀ ਤੇ ਗੈਰ-ਸਰਕਾਰੀ ਮੀਟਿੰਗਾਂ ਵੀ ਆਨਲਾਈਨ ਹੋ ਰਹੀਆਂ ਹਨ। ਤੇ ਹੁਣ ਸਰਕਾਰ ਨੇ ਨੌਵੀਂ ਪਾਤਸ਼ਾਹੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਵੀ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਵਿਵਸਥਾ ਟੈਲੀਵੀਜ਼ਨ ਅਤੇ ਸੋਸ਼ਲ ਮੀਡੀਆ ਚੈਨਲਾਂ ਉਤੇ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ ‘ਸਰਬੱਤ ਦੇ ਭਲੇ’ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲ ਕਰਨਗੇ ਕਿ ਸੰਕਟ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਮਾਗਮ ਵਰਚੁਅਲ ਤਰੀਕੇ ਵਿੱਚ ਬਦਲ ਦਿੱਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਹਿੰਦੂਆਂ ਲਈ ਕੀਤੀ ਗਈ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਨ੍ਹਾਂ ਦੀ ਪੂਰੇ ਪੰਜਾਬ ਵਿੱਚ ਵੱਡਾ ਸਮਾਗਮ ਕਰਵਾਉਣ ਦੀ ਤਾਂਘ ਸੀ, ਪਰ ਸਥਿਤੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੈਲੀਵੀਜ਼ਨ ਉਪਰ ਸਮਾਗਮ ਦੇਖਣ ਅਤੇ ਪਹਿਲੀ ਮਈ ਨੂੰ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ਤੋਂ ਹੀ ‘ਸਰਬੱਤ ਦੇ ਭਲੇ’ ਲਈ ਅਰਦਾਸ ਕਰਨ। ਇਤਿਹਾਸਕ ਜਸ਼ਨਾਂ ਨੂੰ ਦੇਖਣ ਲਈ ਬਣਾਈ ਗਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਸਾਰੇ ਸਮਾਗਮ ਤੈਅਸ਼ੁਦਾ ਪ੍ਰੋਗਰਾਮ ਅਨੁਸਾਰ ਹੀ ਹੋਣਗੇ, ਪਰ ਵਰਚੁਅਲ ਤਰੀਕੇ ਰਾਹੀਂ ਕਰਵਾਏ ਜਾਣਗੇ ਅਤੇ ਲੋਕ ਵਿਅਕਤੀਗਤ ਤੌਰ ‘ਤੇ ਇਕੱਠੇ ਨਹੀਂ ਹੋਣਗੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਹੀ ਕੀਰਤਨ ਦੇ ਸਿੱਧੇ ਪ੍ਰਸਾਰਨ ਸਮੇਤ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈਣ। ਇਹ ਸਮਾਗਮ ਸੋਸ਼ਲ ਮੀਡੀਆ ‘ਤੇ ਵੀ ਟੈਲੀਕਾਸਟ ਕੀਤੇ ਜਾਣਗੇ।