ਚੰਡੀਗੜ੍ਹ। ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਮੁਤਾਬਕ ‘ਫਾਈਜ਼ਰ’ ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿੱਚ ਕਿਹਾ ”ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ, ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ‘ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।”
ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵ ਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ, ਜਿਨ੍ਹਾਂ ਵਿੱਚ ਸਪੂਤਨਿਕ-V, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ-V ਅਤੇ ਜਾਹਨਸਨ ਐਂਡ ਜਾਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਰਿਹਾ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 45.3 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।