Home Corona ਕੋਰੋਨਾ ਦੀ ਤੀਜੀ ਲਹਿਰ ਲਈ ਕੈਪਟਨ ਸਰਕਾਰ ਨੇ ਹੁਣੇ ਤੋਂ ਖਿੱਚੀ ਤਿਆਰੀ

ਕੋਰੋਨਾ ਦੀ ਤੀਜੀ ਲਹਿਰ ਲਈ ਕੈਪਟਨ ਸਰਕਾਰ ਨੇ ਹੁਣੇ ਤੋਂ ਖਿੱਚੀ ਤਿਆਰੀ

ਚੰਡੀਗੜ੍ਹ। ਦੇਸ਼ ਭਰ ‘ਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ, ਪਰ ਇਸ ਵਿਚਾਲੇ ਜਾਰੀ ਤੀਜੀ ਲਹਿਰ ਦੀਆਂ ਚਰਚਾਵਾਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਨੇ ਹੁਣੇ ਤੋਂ ਇਸਦੀ ਤਿਆਰੀ ਖਿੱਚ ਲਈ ਹੈ। ਤੀਜੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉਪਰ ਪ੍ਰਭਾਵ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਮਿਸ਼ਨ ਵਾਂਗ ਪੂਰੀ ਤਨਦੇਹੀ ਨਾਲ ਤਿਆਰੀਆਂ ਵਿਚ ਜੁਟ ਜਾਣ ਦੇ ਹੁਕਮ ਦਿੱਤੇ।

ਇਨ੍ਹਾਂ ਤਿਆਰੀਆਂ ਦੇ ਤਹਿਤ ਜੂਨ ਦੇ ਅੰਤ ਤੱਕ ਸਿਹਤ ਵਿਭਾਗ ਦੇ ਸਾਰੇ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪੇਂਡੂ ਇਲਾਕਿਆਂ ਵਿਚ ਮੌਜੂਦਾ ਲਹਿਰ ਦੇ ਫੈਲਾਅ ਨੂੰ ਕਾਬੂ ਹੇਠ ਲਿਆਉਣ ਲਈ ਘਰ-ਘਰ ਨਿਗਰਾਨੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਵਰਚੂਅਲ ਮੀਟਿੰਗ ਦੌਰਾਨ ਸੂਬੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜਾ ਲੈਣ ਮੌਕੇ ਮੁੱਖ ਮੰਤਰੀ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਾਲੇ ਸੂਬਾ ਪੱਧਰੀ ਮਾਹਿਰ ਗਰੁੱਪ ਨੂੰ ਮੈਡੀਕਲ ਸਿੱਖਿਆ ਦੇ ਸਾਰੇ ਪਹਿਲੂਆਂ ਨੂੰ ਘੋਖਣ ਅਤੇ ਸਿਹਤ ਵਿਭਾਗ ਲਈ ਸਿਖਲਾਈ ਸਬੰਧੀ ਵੇਰਵੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਵਿਚ ਕੋਵਿਡ ਨਾਲ ਨਿਪਟਣ ਖਾਸ ਕਰਕੇ ਬੱਚਿਆਂ ਦੇ ਸੰਦਰਭ ਵਿਚ ਸੂਬੇ ਵਿਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ਉਤੇ ਜੋਰ ਦਿੱਤਾ।

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਪੈਰ ਪਸਾਰਨ ਉਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਾਰਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਢਲੀਆਂ ਦਵਾਈਆਂ ਨਾਲ ਲੈਸ ਕੀਤਾ ਜਾਵੇ ਅਤੇ ਲੱਛਣਾਂ ਵਾਲੇ ਵਿਅਕਤੀਆਂ ਦੀ ਆਰ.ਏ.ਟੀ. ਟੈਸਟਿੰਗ ਤੁਰੰਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹੇ ਵਿਚ ਕੁਝ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਐਲ-2 ਸਹੂਲਤਾਂ ਲਈ ਤਿਆਰ ਕੀਤਾ ਜਾਵੇ, ਜਿੱਥੇ ਆਕਸੀਜਨ ਕੰਨਸੈਂਟਰੇਟਰ ਅਤੇ ਢੁਕਵੇਂ ਇਲਾਜ ਪ੍ਰੋਟੋਕੋਲ ਸਮੇਤ ਡਾਕਟਰਾਂ ਦੀ ਵਿਵਸਥਾ ਹੋਵੇ।

ਇਸ ਪ੍ਰਕਿਰਿਆ ਵਿਚ ਸਰਪੰਚਾਂ ਨੂੰ ਸ਼ਾਮਲ ਕਰਨ ਦੀ ਲੋੜ ਉਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਟੀਕਾਕਰਨ ਵਿਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਨੂੰ ਵਿਲੇਜ ਪੁਲੀਸ ਅਫਸਰਾਂ ਦੇ ਰਾਹੀਂ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।

ਇਸ ਤੱਥ ਵੱਲ ਗੌਰ ਕਰਦੇ ਹੋਏ ਕਿ ਹਸਪਤਾਲਾਂ ਵਿੱਚ ਇਲਾਜ ਅਧੀਨ ਕੁਝ ਮਰੀਜਾਂ ਨੂੰ ਛੁੱਟੀ ਮਿਲਣ ਤੋਂ ਕੁਝ ਦਿਨ ਬਾਅਦ ਤੱਕ ਵੀ ਆਕਸੀਜਨ ਦੀ ਲੋੜ ਪੈਂਦੀ ਹੈ, ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਦੇ ਪੰਜ ਲੀਟਰ ਪ੍ਰਤੀ ਮਿੰਟ ਕੰਸਨਟਰੇਟਰਾਂ ਨੂੰ ਇਸ ਮਕਸਦ ਲਈ ਆਰਜੀ ਤੌਰ ‘ਤੇ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਵਿਭਾਗ ਨੂੰ ਸਿਵਲ ਹਸਪਤਾਲਾਂ ਵਿੱਚ ਪੋਸਟ ਕੋਵਿਡ ਕੇਅਰ ਵਾਰਡਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਵਿਭਾਗ ਨੂੰ ਆਕਸੀਜਨ ਕੰਸਨਟਰੇਟਰਾਂ ਦਾ ਇਕ ਬੈਂਕ ਵੀ ਸਥਾਪਿਤ ਕਰਨ ਲਈ ਕਿਹਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments