Home RELIGION ਪੰਜਾਬ 'ਚ ਹੁਣ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਹੋ ਸਕਣਗੇ ਵਿਆਹ...ਗੁਰਪੁਰਬ ਮੌਕੇ...

ਪੰਜਾਬ ‘ਚ ਹੁਣ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਹੋ ਸਕਣਗੇ ਵਿਆਹ…ਗੁਰਪੁਰਬ ਮੌਕੇ CM ਮਾਨ ਨੇ ਕੀਤਾ ਐਲਾਨ

November 8, 2022
(Anandpur sahib)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ਵਿੱਚ ਨੋਟੀਫਾਈ ਕੀਤਾ ਗਿਆ ਸੀ ਪਰ ਉਦੋਂ ਤੋਂ ਇਹ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਹੋਰ ਰਾਜ ਪਹਿਲਾਂ ਹੀ ਇਸ ਐਕਟ ਨੂੰ ਲਾਗੂ ਕਰ ਚੁੱਕੇ ਹਨ ਪਰ ਪੰਜਾਬ ਇਸ ਤੋਂ ਪਛੜ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਨੂੰ ਹੁਣ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਫ਼ਿਰਕੂ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਹਰ ਲੰਘਦੇ ਦਿਨ ਨਾਲ ਜ਼ਿਆਦਾ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸੰਗਤ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾਂ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ ਤਾਂ ਕਿ ਦੁਖੀ ਮਨੁੱਖਤਾ ਨੂੰ ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਅਤੇ ਜਿਗਿਆਸਾਵਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਫ਼ਰੇਬ ਅਤੇ ਜਾਤ-ਪਾਤ ਦੀਆਂ ਬੁਰਾਈਆਂ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂ ਦੁਆਰਾ ਦਰਸਾਈ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਅਪਨਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਮੁੱਲੀ ਵਿਰਾਸਤ ‘ਤੇ ਚੱਲਦਿਆਂ ਸ਼ਾਂਤਮਈ, ਖ਼ੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਤਨਦੇਹੀ ਨਾਲ ਯਤਨ ਕਰਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੀ ਸ਼ਰਧਾ ਅਤੇ ਲਗਨ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀਆਂ ਉਦਾਸੀਆਂ ਕਾਰਨ ਸੰਸਾਰ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰੇ ਜਾਂਦੇ ਗੁਰੂ ਨਾਨਕ ਦੇਵ ਜੀ ਨੇ ਫ਼ਿਰਕੂ ਸਾਂਝ ਅਤੇ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਦਾ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਸਮੇਂ ਜ਼ੁਲਮ, ਅਨਿਆ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀ ਦੂਰਅੰਦੇਸ਼ ਸੋਚ ਦੀ ਪਤਾ ਇਸ ਗੱਲੋਂ ਲੱਗਦਾ ਹੈ ਕਿ ਉਨ੍ਹਾਂ ਉਸ ਸਮੇਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਉਪਦੇਸ਼ ਦਿੱਤਾ ਸੀ, ਜਦੋਂ ਹਵਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਰੀ ਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਪੱਕੇ ਪੈਰੋਕਾਰ ਸਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments