ਚੰਡੀਗੜ੍ਹ। ਪੰਜਾਬ ‘ਚ ਕੋਰੋਨਾ ਦੇ ਚਲਦੇ ਲਗਾਈਆਂ ਗਈਆਂ ਪਾਬੰਦੀਆਂ ‘ਚ ਫਿਲਹਾਲ ਕੋਈ ਰਿਆਇਤ ਨਹੀਂ ਮਿਲੇਗੀ। ਸਰਕਾਰ ਨੇ ਵਧਦੇ ਮਾਮਲਿਆਂ ਦੇ ਚਲਦੇ ਪਾਬੰਦੀਆਂ 10 ਅਪ੍ਰੈਲ ਤੱਕ ਵਧਾ ਦਿੱਤਾ ਹੈ। ਲਿਹਾਜ਼ਾ 11 ਜ਼ਿਲ੍ਹਿਆਂ ‘ਚ ਰਾਤ 9 ਤੋਂ 5 ਵਜੇ ਤੱਕ ਨਾਈਟ ਕਰਫਿਊ ਜਾਰੀ ਰਹੇਗਾ। ਨਾਲ ਹੀ ਸਮਾਜਿਕ ਸਮਾਗਮਾਂ ‘ਤੇ ਰੋਕ ਬਰਕਰਾਰ ਰਹੇਗੀ। ਹਾਲਾਂਕਿ ਵਿਆਹ ਸਮਾਗਮਾਂ ਅਤੇ ਸਸਕਾਰ ‘ਚ 20 ਲੋਕਾਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਹੈ। ਇਹਨਾਂ ਜ਼ਿਲ੍ਹਿਆਂ ‘ਚ ਜਲੰਧਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਮੋਗਾ ਸ਼ਾਮਲ ਹਨ।
ਇਸ ਤੋਂ ਇਲਾਵਾ ਪੰਜਾਬ ਭਰ ‘ਚ 10 ਅਪ੍ਰੈਲ ਤੱਕ ਸਿੱਖਿਅਕ ਅਦਾਰੇ ਵੀ ਬੰਦ ਰਹਿਣਗੇ। ਸਿਨੇਮਾ ਹਾਲ ‘ਚ 50 ਫ਼ੀਸਦ ਲੋਕਾਂ ਨੂੰ ਬੈਠਣ ਦੀ ਇਜਾਜ਼ਤ ਹੋਵੇਗੀ। ਸ਼ੌਪਿੰਗ ਮਾਲ ‘ਚ ਇੱਕ ਸਮੇਂ ‘ਤੇ 100 ਤੋਂ ਵੱਧ ਲੋਕਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਨਾਲ ਹੀ ਆਮ ਲੋਕਾਂ ਲਈ 10 ਤੋਂ ਵਧ ਮਹਿਮਾਨਾਂ ਨੂੰ ਘਰ ‘ਚ ਸੱਦਣ ‘ਤੇ ਵੀ ਪਾਬੰਦੀ ਜਾਰੀ ਰਹੇਗੀ।
ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਉਨ੍ਹਾਂ ਸਾਰੇ DC ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ, ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ, ਜਿਵੇਂ ਕਿ ਪੁਲਿਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, PRTC/ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਉਹਨਾਂ ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਇਸ ਤੋਂ ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪਾਜ਼ੀਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ।