ਬਿਓਰੋ। ਪੰਜਾਬ ‘ਚ ਵੱਧਦੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਿਚਾਲੇ ਰੇੜਕਾ ਲਗਾਤਾਰ ਜਾਰੀ ਹੈ। ਪੰਜਾਬ ‘ਚ ਟੈਸਟਿੰਗ ‘ਤੇ ਸਵਾਲ ਚੁੱਕਣ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਵੈਕਸੀਨੇਸ਼ਨ ਨੂੰ ਲੈ ਕੇ ਕੈਪਟਨ ਸਰਕਾਰ ‘ਤੇ ਸਵਾਲ ਚੁੱਕੇ ਹਨ। ਕੇਂਦਰ ਵੱਲੋਂ ਪੰਜਾਬ ਨੂੰ ਚਿੱਠੀ ਲਿਖ ਵੈਕਸੀਨੇਸ਼ਨ ਦੀ ਧੀਮੀ ਰਫ਼ਤਾਰ ‘ਤੇ ਨਰਾਜ਼ਗੀ ਜਤਾਈ ਗਈ ਹੈ। ਚਿੱਠੀ ‘ਚ ਲਿਖਿਆ ਗਿਆ ਹੈ ਕਿ ਪੰਜਾਬ ‘ਚ ਵੈਕਸੀਨੇਸ਼ਨ ਦਰ ਕੌਮੀ ਵੈਕਸੀਨੇਸ਼ਨ ਦਰ ਨਾਲੋਂ ਬੇਹੱਦ ਘੱਟ ਹੈ, ਜਿਸ ਨੂੰ ਵਧਾਉਣ ਦੀ ਲੋੜ ਹੈ।
ਕੇਂਦਰ ਦੀ ਚਿੱਠੀ ਦਾ ਅਸਰ !
ਇਹਨਾਂ ਸਵਾਲਾਂ ਵਿਚਾਲੇ ਕੈਪਟਨ ਸਰਕਾਰ ਨੇ ਵੈਕਸੀਨੇਸ਼ਨ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ‘ਤੇ ਜ਼ੋਰ ਦੇਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਹੁਣ ਰੋਜ਼ਾਨਾ 2 ਲੱਖ ਲੋਕਾਂ ਦੇ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਫਿਲਹਾਲ 90 ਹਜ਼ਾਰ ਲੋਕਾਂ ਨੂੰ ਰੋਜ਼ਾਨਾ ਟੀਕਾ ਲਗਾਇਆ ਜਾ ਰਿਹਾ ਹੈ।