ਚੰਡੀਗੜ੍ਹ। ਪੰਜਾਬ ‘ਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹਨਾਂ ‘ਚ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰਹਿਣ ਦਾ ਆਦੇਸ਼ ਵੀ ਸ਼ਾਮਲ ਹੈ। ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦੇ ਖਿਲਾਫ਼ ਸ਼ਨੀਵਾਰ ਨੂੰ 32 ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਨਾਲ ਰਲ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ ਸੂਬੇ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਖੋਲ੍ਹ ਕੇ ਸਰਕਾਰ ਖਿਲਾਫ਼ ਰੋਸ ਜਤਾਉਣ ਦਾ ਸੱਦਾ ਦਿੱਤਾ ਗਿਆ ਹੈ।
ਕਿਸਾਨਾਂ ਖਿਲਾਫ਼ ਕਾਰਵਾਈ ਦੀ ਚੇਤਾਵਨੀ
ਕਿਸਾਨ ਜਥੇਬੰਦੀਆਂ ਦੇ ਇਸ ਪ੍ਰਦਰਸ਼ਨ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਹੱਦ ਗੁੱਸੇ ‘ਚ ਹਨ। ਲਿਹਾਜ਼ਾ ਉਹਨਾਂ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਕਾਰਵਾਈ ਦੀ ਚੇਤਾਵਨੀ ਦੇ ਦਿੱਤੀ ਹੈ। ਕੋਰੋਨਾ ਦੇ ਹਾਲਾਤ ‘ਤੇ ਸਮੀਖਿਆ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ DGP ਨੂੰ ਨਿਰਦੇਸ਼ ਦਿੱਤਾ ਹੈ ਕਿ ਜੇਕਰ ਕਿਸੇ ਵੱਲੋਂ ਵੀ ਵੀਕੈਂਡ ਲਾਕਡਾਊਨ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਸ ਨਾਲ ਸਖਤੀ ਨਾਲ ਨਜਿੱਠਿਆ ਜਾਵੇ।
ਦੁਕਾਨ ਮਾਲਕ ‘ਤੇ ਵੀ ਦਰਜ ਹੋਵੇਗਾ ਕੇਸ
ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਲਹਿਜ਼ੇ ‘ਚ ਕਿਹਾ ਕਿ 32 ਕਿਸਾਨ ਯੂਨੀਅਨਾਂ ‘ਤੇ ਅਧਾਰਿਤ ਕਿਸਾਨ ਮੋਰਚਾ ਸੂਬਾ ਸਰਕਾਰ ‘ਤੇ ਸ਼ਰਤਾਂ ਨਹੀਂ ਥੋਪ ਸਕਦਾ। ਉਨ੍ਹਾਂ ਨੇ ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿਚ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰੋਕਾਂ ਦੀ ਉਲੰਘਣਾ ਕਰਕੇ ਕੋਈ ਵੀ ਦੁਕਾਨ ਖੋਲ੍ਹੀ ਗਈ ਤਾਂ ਦੁਕਾਨ ਮਾਲਕ ਉਤੇ ਵੀ ਕਾਨੂੰਨੀ ਕਾਰਵਾਈ ਹੋਵੇਗੀ।
ਸੋਮਵਾਰ ਤੋਂ ਦੁਕਾਨਦਾਰਾਂ ਨੂੰ ਰਿਆਇਤਾਂ ਦੀ ਛੋਟ
ਇਸ ਸਭ ਦੇ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਾਫ਼ ਕੀਤਾ ਕਿ ਸ਼ਨੀਵਾਰ ਨੂੰ ਬੇਸ਼ੱਕ ਨਹੀਂ, ਪਰ ਸੋਮਵਾਰ ਤੋਂ ਦੁਕਾਨਦਾਰਾਂ ਨੂੰ ਰਿਆਇਤਾਂ ਦੇਣ ਦੀ ਪੂਰੀ ਤਿਆਰੀ ਹੈ। ਦਰਅਸਲ, ਮੁੱਖ ਮੰਤਰੀ ਵੱਲੋਂ ਹੁਣ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਇਹ ਅਧਿਕਾਰ ਦੇ ਦਿੱਤਾ ਗਿਆ ਹੈ ਕਿ ਉਹ ਆਪਣੇ ਜ਼ਿਲ੍ਹੇ ਦੇ ਹਿਸਾਬ ਨਾਲ ਪੜਾਅਵਾਰ ਦੁਕਾਨਾਂ ਖੋਲ੍ਹਣ ਸਬੰਧੀ ਫ਼ੈਸਲੇ ਲੈ ਸਕਦੇ ਹਨ। ਹਾਲਾਂਕਿ ਉਹਨਾਂ ਕਿਹਾ ਕਿ ਅਜਿਹਾ ਕੋਈ ਵੀ ਫ਼ੈਸਲਾ ਸੋਮਵਾਰ ਤੋਂ ਹੀ ਲਾਗੂ ਹੋਵੇਗਾ। ਵੀਕੈਂਡ ਲਾਕਡਾਊਨ ‘ਚ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਰਫ਼ ਦੁਕਾਨਾਂ ਖੋਲ੍ਹਣ ਸਬੰਧੀ ਹੀ ਰਿਆਇਤਾਂ ਦੇ ਸਕਦੇ ਹਨ, ਇਸ ਤੋਂ ਇਲਾਵਾ ਕੋਈ ਵੀ ਰਿਆਇਤ ਨਹੀਂ ਦਿੱਤੀ ਜਾ ਸਕਦੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਦੁਕਾਨਾਂ ਬੰਦ ਕਰਨ ਦੇ ਫ਼ੈਸਲੇ ਦਾ ਸ਼ਹਿਰ-ਸ਼ਹਿਰ ਦੁਕਾਨਦਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਜਿਸਦੇ ਚਲਦੇ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਹਿਸਾਬ ਨਾਲ ਪੜਾਅਵਾਰ ਦੁਕਾਨਾਂ ਖੋਲ੍ਹਣ ਲਈ ਅਧਿਕਾਰਤ ਕੀਤਾ ਹੈ।