ਚੰਡੀਗੜ੍ਹ। ਅਬੋਹਰ ਦੇ ਮਲੋਟ ‘ਚ ਬੀਜੇਪੀ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਕੀਤੀ ਹੈ। ਸੀਐੱਮ ਨੇ ਕਿਹਾ ਕਿ ਜੋ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗੀ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਹਿੰਸਕ ਗਤੀਵਿਧੀਆਂ ‘ਚ ਸ਼ਾਮਲ ਨਾ ਹੋਣ। ਉਹਨਾਂ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤਾਂਤਰਿਕ ਹੱਕ ਹੈ, ਪਰ ਅਜਿਹੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸੇ ਕੀਮਤ ‘ਤੇ ਸੂਬੇ ਦੇ ਅਮਨ-ਕਾਨੂੰਨ ਦੀ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ DGP ਦਿਨਕਰ ਗੁਪਤਾ ਨੂੰ ਵੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦਾ ਆਦੇਸ਼ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮ ਮੋਦੀ ਨੂੰ ਵੀ ਕਿਸਾਨਾਂ ਦੇ ਮਸਲੇ ਦਾ ਜਲਦ ਹੱਲ ਕੱਢੇ ਜਾਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕੇਂਦਰ ਵੱਲੋਂ ਹੋਰ ਦੇਰੀ ਹੋਈ, ਤਾਂ ਕਿਸਾਨਾਂ ਦਾ ਦਿਮਾਗ ਹੋਰ ਅਸ਼ਾਂਤ ਹੋਵੇਗਾ। ਹੁਣ ਕੇਂਦਰ ਨੂੰ ਆਪਣਾ ਹੰਕਾਰ ਪਾਸੇ ਰੱਖ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਛੇਤੀ ਤੋਂ ਛੇਤੀ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਜਥੇਬੰਦੀਆਂ ਪਹਿਲਾਂ ਹੀ ਮੌਕੇ ਦਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਜਿਹੀਆਂ ਘਟਨਾਵਾਂ ਨਾਲ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨੂੰ ਹੋਰ ਖ਼ਤਰਾ ਹੋਵੇਗਾ।