ਚੰਡੀਗੜ੍ਹ, 12 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ।
ਆਪਣੀ ਸਰਕਾਰੀ ਰਿਹਾਇਸ਼ ‘ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ ‘ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ 24 ਘੰਟਿਆਂ ਦੇ ਅੰਦਰ ਫਸਲ ਖਰੀਦੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।