ਚੰਡੀਗੜ੍ਹ/ਜਲੰਧਰ, 1 ਅਕਤੂਬਰ:ਸੂ
ਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਸਨੈਚਿੰਗ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ ਦੀ ਵਰਤੋਂ ਕਰਕੇ ਪਰਿਪੱੱਖ ਨਿਗਰਾਨੀ ਰੱਖੀ ਜਾਵਗੀ ।
ਉਨ੍ਹਾਂ ਕਿਹਾ ਕਿ ਸੁਚੱਜੇ ਢੰਗ ਨਾਲ ਹਰ ਮੌਕੇ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸੀਸੀਟੀਵੀ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਇਹ ਕਦਮ ਪਿਛਲੇ ਤਿੰਨ ਸਾਲਾਂ ਦੌਰਾਨ ਅਜਿਹੇ ਅਪਰਾਧਿਕ ਹੌਟਸਪੌਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ਦੀ ਕ੍ਰਾਈਮ ਹੌਟਸਪੌਟ ਮੈਪਿੰਗ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ।
ਡੀਜੀਪੀ ਸਾਰੇ 28 ਪੁਲਿਸ ਜ਼ਿਲਿ੍ਹਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀ ਲੜਾਈ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਧਿਕਾਰੀਆਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਪੀ.ਏ.ਪੀ. ਕੰਪਲੈਕਸ ਜਲੰਧਰ ਵਿਖੇ ਰਾਜ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ‘ਛੋਟੇ ਅਪਰਾਧ ਰੋਕਣ’ ਨੂੰ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਕਰਾਰ ਦਿੰਦਿਆਂ ਕਿਹਾ ਕਿ ਫੀਲਡ ਅਫਸਰਾਂ ਨੂੰ ਇਸ ਕਾਰਵਾਈ ਨੂੰ ਹੋਰ ਪ੍ਰਭਾਵੀ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਤੌਰ ’ਤੇ ਫਿਰੌਤੀ ਦੀਆਂ ਕਾਲਾਂ, ਸਨੈਚਿੰਗ, ਚੋਰੀਆਂ, ਠੱਗੀਆਂ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ ਨਾਲ ਨਜਿੱਠਣ ਲਈ ਸਾਰੀਆਂ ਵਿਧੀਆਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਜਿਹੇ ਅਪਰਾਧੀਆਂ ਨਾਲ ਸਖਤੀ ਨਾਲ ਨਜਿੱਠਣ ਅਤੇ ਡਰੱਗ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਜੁਟਾਈ ਸੰਪਤੀ ਨੂੰ ਫਰੀਜ਼ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਹੁਕਮ ਦਿੱਤੇ ।