Sangrur, 10 ਅਕਤੂਬਰ:
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਕਰਕੇ ਜਬਰੀ ਵਸੂਲੀ ਦੀਆਂ ਕਾਲਾਂ, ਲੁੱਟ-ਖੋਹ, ਚੋਰੀ, ਅਤੇ ਚੋਰੀ ਦੇ ਇਰਾਦੇ ਨਾਲ ਘੁਸਪੈਠ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਅਤੇ ਵਿਕਰੀ ਦੇ ਪੱਧਰ ‘ਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਸਾਰੇ ਤੰਤਰਾਂ ਦੀ ਵਰਤੋਂ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਲੁੱਟ-ਖੋਹ ਸਮੇਤ ਛੋਟੇ ਅਪਰਾਧਾਂ ਵਿੱਚ ਤੁਰੰਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ, ਚਾਹੇ ਐਸਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਨੂੰ ਜਿੰਮੇਵਾਰ ਠਹਿਰਾਇਆ ਜਾਵੇਗਾ।
ਡੀਜੀਪੀ ਗੌਰਵ ਯਾਦਵ ਜਿਹਨਾਂ ਦੇ ਨਾਲ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਸ਼ਾਮਲ ਸਨ, ਪੰਚਾਇਤੀ ਚੋਣਾਂ ਤੋਂ ਪਹਿਲਾ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਪੁਲਿਸ ਲਾਈਨ ਸੰਗਰੂਰ ਵਿਖੇ ਪਟਿਆਲਾ ਰੇਂਜ ਦੇ ਸਮੂਹ ਅਧਿਕਾਰੀਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੀ ਮੌਜੂਦ ਸਨ।
ਡੀਜੀਪੀ ਨੇ ਐਸਐਸਪੀਜ਼ ਨੂੰ ਅਜਿਹੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।