ਬਿਓਰੋ। ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਦੀ ਦੂਜੀ ਲਹਿਰ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ‘ਚ ਪਹਿਲੀ ਵਾਰ 3 ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ।
ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 3,14,835 ਮਾਮਲੇ ਰਿਪੋਰਟ ਕੀਤੇ ਗਏ ਹਨ। ਹੁਣ ਦੇਸ਼ ‘ਚ ਕੁੱਲ ਕੋਰੋਨਾ ਮਾਮਲਿਆਂ ਦਾ ਅੰਕੜਾ ਵੱਧ ਕੇ 1,59,30,965 ਤੱਕ ਪਹੁੰਚ ਗਿਆ ਹੈ। ਦੇਸ਼ ‘ਚ ਐਕਟਿਵ ਕੋਰੋਨਾ ਮਾਮਲਿਆਂ ਦਾ ਅੰਕੜਾ ਵੱਧ ਕੇ 22,91,428 ਤੱਕ ਪਹੁੰਚ ਚੁੱਕਿਆ ਹੈ।
24 ਘੰਟਿਆਂ ‘ਚ 2100 ਤੋਂ ਵੱਧ ਮੌਤਾਂ
ਕੋਰੋਨਾ ਦੇ ਮਾਮਲਿਆਂ ‘ਚ ਵੀ ਤੇਜ਼ੀ ਨਾਲ ਵਾਧਾ ਨਹੀਂ ਹੋ ਰਿਹਾ, ਬਲਕਿ ਦੇਸ਼ ‘ਚ ਕੋਰੋਨਾ ਦੇ ਚਲਦੇ ਮਰਨ ਵਾਲਿਆਂ ਦਾ ਅੰਕੜਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਸਿਹਤ ਮੰਤਰਾਲੇ ਦੇ ਮੁਤਾਬਕ, ਪਿਛਲੇ 24 ਘੰਟਿਆਂ ‘ਚ ਦੇਸ਼ ਭਰ ‘ਚ ਕੋਰੋਨਾ ਦੇ ਚਲਦੇ 2104 ਲੋਕਾਂ ਦੀ ਜਾਨ ਚਲੀ ਗਈ।
ਭਾਰਤ ਨੇ ਬਣਾਇਆ ਵਰਲਡ ਰਿਕਾਰਡ
ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਜਿੰਨੇ ਨਵੇਂ ਮਾਮਲੇ ਸਾਹਮਣੇ ਆਏ ਹਨ, ਓਨੇ ਕੇਸ ਅੱਜ ਤੋਂ ਪਹਿਲਾਂ ਨਾ ਤਾਂ ਭਾਰਤ ਅਤੇ ਨਾ ਹੀ ਕਿਸੇ ਹੋਰ ਦੇਸ਼ ‘ਚ ਆਏ ਸਨ। ਇੱਕ ਦਿਨ ‘ਚ 3.14 ਲੱਖ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਰਲਡ ਰਿਕਾਰਡ ਹੈ। ਇਸ ਤੋਂ ਪਹਿਲਾਂ ਅਮਰੀਕਾ ‘ਚ ਇਸੇ ਸਾਲ 8 ਜਨਵਰੀ ਨੂੰ 3,07,581 ਕੇਸ ਸਾਹਮਣੇ ਆਏ ਸਨ।