ਨੰਗਲ, 22 ਅਕਤੂਬਰ
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ, ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ ਕਿਉਂ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐਮ. ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐਮ. ਕਰਵਾਉਣ ਦਾ ਫੈਸਲਾ ਮਿਸਾਲੀ ਕਦਮ ਹੈ ਕਿਉਂਕਿ ਇਸ ਤੋਂ ਪਹਿਲਾਂ ਅਜਿਹੀਆਂ ਪੀ.ਟੀ.ਐਮਜ਼ ਸਿਰਫ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਜਦਕਿ ਸਰਕਾਰੀ ਸਕੂਲ ਅਜਿਹੇ ਅਹਿਮ ਮੌਕਿਆਂ ਤੋਂ ਮਹਿਰੂਮ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਲਈ ਇਹ ਕਦਮ ਸਿੱਖਿਆ ਦੇ ਬਿਹਤਰੀਨ ਅਮਲਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 202 ਪ੍ਰਿੰਸੀਪਲਾਂ/ਸਿੱਖਿਆ ਅਫਸਰਾਂ ਦੇ ਛੇ ਬੈਚ ਪੰਜ ਰੋਜ਼ਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰ ਭੇਜ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਬੈਚ ਲੰਘੇ ਸ਼ੁੱਕਰਵਾਰ ਨੂੰ ਪੇਸ਼ੇਵਾਰਾਨਾ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਦੇ ਦੌਰੇ ਉਤੇ ਗਿਆ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ 152 ਹੈੱਡਮਾਸਟਰ/ਸਿੱਖਿਆ ਅਫਸਰ ਦੇ ਤਿੰਨ ਬੈਚ ਆਹਲਾ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਆਈ.ਆਈ.ਐਮ. ਅਹਿਮਦਾਬਾਦ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।