ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲਣ ਤੋਂ ਬਾਅਦ ਹੁਣ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫਰਵਰੀ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲਾਂ ਨੂੰ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਦਿੱਤਾ ਗਿਆ ਹੈ। ਸਿੱੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ ਵਿੱਚ ਤਬਦੀਲ ਕੀਤੇ ਗਏ ਸਨ ਅਤੇ ਸੈਂਕੜੇ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਉੱਥੇ ਕੁਅਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ।ਇਸ ਲਈ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਇੱਕ ਮੌਕਾ ਦੇਣ ਦਾ ਫੈਸਲਾ ਕੀਤਾ ਹੈ, ਜਿਨਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿੱਚ 12 ਵੀਂ ਜਮਾਤ ਵਿੱਚ ਮੈਰਿਟ ਦੇ ਅਧਾਰ ’ਤੇ ਦਾਖਲਾ ਦਿੱਤਾ ਜਾਵੇਗਾ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਰੇ ਮੈਰੀਟੋਰੀਅਸ ਸਕੂਲਾਂ ਦੇ 12 ਵੀਂ ਜਮਾਤ ਦੇ ਵਿਦਿਆਰਥੀਆਂ ਸਮੇਤ ਮੈਰੀਟੋਰੀਅਸ ਸਕੂਲ, ਤਲਵਾੜਾ (ਹਸ਼ਿਆਰਪੁਰ) ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਅਤੇ ਕੋਵਿਡ-19 ਦੀ ਨੈਗੇਟਿਵ ਰਿਪੋਰਟ(RT-PCR) ਪੇਸ਼ ਕਰਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸਾਰੇ ਵਿਦਿਆਰਥੀ ਜ਼ਰੂਰੀ ਸਮਾਨ ਜਿਵੇਂ ਸੈਨੇਟਾਈਜ਼ਰ, ਮਾਸਕ, ਸਾਬਣ, ਸਟੇਸ਼ਨਰੀ/ਪਾਣੀ ਦੀਆਂ ਬੋਤਲਾਂ, ਕੱਪੜੇ ਆਦਿ ਲਿਆਉਣਗੇ ਅਤੇ ਇਨਾਂ ਚੀਜ਼ਾਂ ਦੇ ਆਪਸ ਵਿੱਚ ਸਾਂਝਾ ਕਰਨ ਦੀ ਆਗਿਆ ਨਹੀਂ ਹੋਵੇਗੀ। ਇਹ ਨਿਰਦੇਸ਼ ਮੈੱਸ/ਕੰਟੀਨ ਠੇਕੇਦਾਰਾਂ ਅਤੇ ਕੰਟੀਨ ’ਚ ਕੰਮ ਕਰਦੇ ਕਰਿੰਦਿਆਂ ‘ਤੇ ਵੀ ਲਾਗੂ ਹੋਵੇਗਾ। ਕੰਟੀਨ ਵਿੱਚ ਸਬਜੀਆਂ ਅਤੇ ਖਾਣ-ਪੀਣ ਦੀਆਂ ਚੀਜਾਂ ਲਿਆਉਣ ਵਾਲੇ ਵਿਅਕਤੀ ਨੂੰ ਥਰਮਲ ਸਕੈਨਿੰਗ ਅਤੇ ਕੋਵਿਡ -19 ਨੈਗੇਟਿਵ ਪ੍ਰਮਾਣ ਪੱਤਰ ਪੇਸ਼ ਕਰਨ ਤੋਂ ਬਾਅਦ ਹੀ ਕੰਟੀਨ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਦੇ ਮੁੱਖ ਗੇਟ ‘ਤੇ ਸੁਰੱਖਿਆ ਅਮਲੇ ਨੂੰ ਥਰਮਲ ਸਕੈਨਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਕੂਲ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਆਉਣ ਵਾਲਿਆਂ ਦੀ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ। ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆਉਣ ਤੋਂ ਬਾਅਦ 24 ਘੰਟਿਆਂ ਲਈ ਕੁਅਰੰਟਾਈਨ ਕੀਤਾ ਜਾਵੇਗਾ। ਹੋਸਟਲ ਦੇ ਕਮਰਿਆਂ ਦੇ ਨਾਲ-ਨਾਲ ਕਲਾਸਰੂਮਾਂ ਵਿਚ ਸਮਾਜਕ ਦੂਰੀ ਰੱਖਣ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਹੋਸਟਲ ਦੇ ਕਮਰਿਆਂ ਵਿਚ ਬੈੱਡਾਂ ਦਰਮਿਆਨ ਘੱਟੋ-ਘੱਟ 6 ਫੁੱਟ ਦੀ ਦੂਰੀ ਰੱਖਣੀ ਲਾਜ਼ਮੀ ਹੈ ਅਤੇ ਕਲਾਸਰੂਮਾਂ ਵਿਚ ਹਰੇਕ ਵਿਦਿਆਰਥੀ ਲਈ ਵੱਖੋ-ਵੱਖ ਬੈਂਚ ਮੁਹੱਈਆ ਕਰਵਾਏ ਜਾਣਗੇ।