ਡੈਸਕ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਸਾਫ਼ ਆਖਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਹ ਕਿਸੇ ਵੀ ਕੀਮਤ ਤੇ ਪਿੱਛੇ ਨਹੀਂ ਹੱਟਣਗੇ। ਕਿਸਾਨ ਆਗੂਆਂ ਨੇ ਆਖਿਆ ਕਿ ਰੇਲ ਚਲਾਉਣ ਦੀ ਪਹਿਲ ਪਹਿਲਾਂ ਕੇਂਦਰ ਸਰਕਾਰ ਨੂੰ ਕਰਨੀ ਚਾਹੀਦੀ ਹੈ, ਜੇਕਰ ਕੇਂਦਰ ਸਰਕਾਰ ਪੰਜਾਬ ਵਿਚ ਮਾਲ ਗੱਡੀਆਂ ਚਲਾਉਣ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਫਿਰ ਉਹ ਅੱਗੇ ਦੀਆਂ ਵਿਚਾਰਾਂ ਕਰਨਗੇ।
ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਆਖਿਆ ਕਿ 26-27 ਤਾਰੀਕ ਨੂੰ ਉਨ੍ਹਾਂ ਦੀ ਪੂਰੀ ਤਿਆਰੀ ਹੈ ਅਤੇ ਪੰਜਾਬ ਵਿਚੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਕੂਚ ਕਰਨਗੇ। ਕਿਸਾਨ ਆਗੂਆਂ ਨੇ ਆਖਿਆ ਕਿ ਹਰਿਆਣਾ ਸਰਕਾਰ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਦੀ ਲੜਾਈ ਸਿਰਫ ਕੇਂਦਰ ਸਰਕਾਰ ਨੂੰ ਲਿਹਾਜ਼ਾ ਹਰਿਆਣਾ ਸਰਕਾਰ ਨੂੰ ਉਨ੍ਹਾਂ ਨਾਲ ਪੰਗਾ ਨਹੀਂ ਲੈਣਾ ਚਾਹੀਦਾ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਆਖਿਆ ਹੈ ਕਿ ਦਿੱਲੀ ਸਰਕਾਰ ਕੋਰੋਨਾ ਦਾ ਪ੍ਰਕੋਪ ਆਖ ਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਕਿਸੇ ਕਿਮਤ ‘ਤੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਭਾਵੇਂ ਦਿੱਲੀ ਸਰਕਾਰ ਮਨਜ਼ੂਰੀ ਦੇਵੇ ਅਤੇ ਭਾਵੇਂ ਨਾ ਦੇਵੇ ਉਹ ਦਿੱਲੀ ਵਿਚ ਪ੍ਰਦਰਸ਼ਨ ਕਰਕੇ ਰਹਿਣਗੇ।