Home Agriculture 30 ਕਿਸਾਨ-ਜਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ-ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

30 ਕਿਸਾਨ-ਜਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ-ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

ਡੈਸਕ: 30 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਂਝੀ-ਮੀਟਿੰਗ ਦੌਰਾਨ ਕੇਂਦਰ-ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕੀਤਾ ਗਿਆ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਰੀਬ 5 ਘੰਟੇ ਲੰਬੀ ਵਿਚਾਰ-ਚਰਚਾ ਹੋਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਲਈ ਤਿੰਨ ਬੁਲਾਰੇ- ਡਾ. ਦਰਸ਼ਨਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਤੈਅ ਕੀਤੇ ਗਏ ਹਨ, ਜਦੋਂਕਿ ਮੀਟਿੰਗ ਦੌਰਾਨ ਸਾਰੀਆਂ 30 ਕਿਸਾਨ-ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ।

bku punjab meeting

ਬੁਰਜ਼ਗਿੱਲ ਨੇ ਦੱਸਿਆ ਕਿ ਕਿਸਾਨ-ਜਥੇਬੰਦੀਆਂ ਨੇ ਦੇਸ਼-ਭਰ ਦੀਆਂ ਕਰੀਬ 500 ਜਥੇਬੰਦੀਆਂ ਦੀ ਅਗਵਾਈ ‘ਚ 26-27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਦਿੱਤੇ ਦਿੱਲੀ-ਚੱਲੋ ਦੇ ਸੱਦੇ ‘ਤੇ ਵੀ ਤਿਆਰੀਆਂ ਦਾ ਸਮੀਖਿਆ ਕੀਤੀ ਅਤੇ ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲਿਆਂ ਨਾਲ ਲੱਖਾਂ ਦੀ ਗਿਣਤੀ ‘ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਸਾਰੀਆਂ ਜਥੇਬੰਦੀਆਂ ਨੇ ਦਿੱਲੀ-ਪੁਲਿਸ ਵੱਲੋਂ ਕਿਸਾਨਾਂ ਦੇ ਇਕੱਠ ਸਬੰਧੀ ਕਰੋਨਾ ਦਾ ਹਵਾਲਾ ਦਿੰਦਿਆਂ ਪਾਬੰਦੀਆਂ ਮੜ੍ਹਨ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਬਿਹਾਰ ਚੋਣਾਂ ਵੇਲ਼ੇ ਭਾਜਪਾ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਗਈਆਂ, ਪਰ ਹੁਣ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਪਾਬੰਦੀਆਂ ਮੜ੍ਹੀਆਂ ਜਾ ਰਹੀਆਂ ਹਨ। ਪਰ ਦੇਸ਼ ਦੇ ਕਿਸਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਮੂੰਹ ਤੋੜ ਜਵਾਬ ਦੇਣਗੇ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਦੀਵਾਲੀ ਮੌਕੇ ਵੀ ਕਿਸਾਨ ਪੱਕੇ-ਮੋਰਚਿਆਂ ‘ਤੇ ਡਟੇ ਰਹਿਣਗੇ, ਮੋਰਚਿਆਂ ‘ਤੇ ਮਸ਼ਾਲਾਂ ਜਗਾਉਂਦਿਆਂ, ਦੀਵਾਲੀ ਮਨਾਉਂਦਿਆਂ ਘੋਲ਼ ਨੂੰ ਚੜ੍ਹਦੀਕਲਾ ‘ਚ ਰੱਖਿਆ ਜਾਵੇਗਾ।

ਕਿਸਾਨ-ਜਥੇਬੰਦੀਆਂ ਨੇ ਪੰਜਾਬ-ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਜਾਰੀ ਕਰਵਾਈ ਜਾਵੇ ਅਤੇ ਰੇਟ ਘੱਟੋ-ਘੱਟ 350 ਰੁਪਏ ਤੈਅ ਹੋਵੇ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜੇਲ੍ਹਾਂ ‘ਚ ਨਜ਼ਬੰਦ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਰਕਾਰ ਆਲੋਚਕਾਂ ਦੀਆਂ ਆਵਾਜ਼ਾਂ ਨੂੰ ਦਬਾਉਣਾ ਬੰਦ ਕਰੇ। ਜਥੇਬੰਦੀਆਂ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਮੁੜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments