ਡੈਸਕ: ਤਿੰਨ ਖੇਤੀ ਕਾਨੂੰਨ ਖਿਲਾਫ਼ ਦਿੱਲੀ ਚੱਲੋ ਦੇ ਸੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਹਰਿਆਣੇ ਦੀ ਸਰਹੱਦਾਂ ਸੀਲ ਕਰਨ ਅਤੇ ਕਿਸਾਨਾਂ ਨੂੰ ਉਥੇ ਜਬਰਨ ਰੋਕਣ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਮੌਕੇ ਹੀ ਹਰਿਆਣਾ ਸਰਕਾਰ ਸੰਵਿਧਾਨ ਦੀ ਉਲੰਘਣਾ ਕਰ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ ’ਤੇ ਰੋਕਣ ਅਤੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਕਰਨ ਅਤੇ ਹੰਝੂ ਗੈਸ ਦੇ ਗੋਲੇ ਸੁੱਟਣ ਲਈ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ’ਤੇ ਖੂਬ ਭੜਕੇ।
ਕੈਪਟਨ ਅਮਰਿੰਦਰ ਸਿੰਘ ਨੇ ਇਕ ਤੋਂ ਬਾਅਦ ਇਕ ਟਵੀਟ ਕਰ ਹਰਿਆਣਾ ਦੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਿਆ ਅਤੇ ਇਸ ਕਾਰਵਾਈ ਦੀ ਨਿੰਦਾ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।