Home Agriculture ਕਿਸਾਨ ਅੰਦੋਲਨ ਦਾ 17ਵਾ ਦਿਨ, 30 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਕੇਂਦਰ-ਸਰਕਾਰ...

ਕਿਸਾਨ ਅੰਦੋਲਨ ਦਾ 17ਵਾ ਦਿਨ, 30 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਕੇਂਦਰ-ਸਰਕਾਰ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ

ਡੈਸਕ: ਕਿਸਾਨ ਅੰਦੋਲਨ ਦੇ 17ਵੇਂ ਦਿਨ ਵੀ ਕਿਸਾਨ ਜਥੇਬੰਦੀਆਂ ਨੇ ਰੇਲਵੇ-ਲਾਇਨਾਂ, ਟੋਲ-ਪਲਾਜਿਆਂ, ਰਿਲਾਇੰਸ-ਪੰਪਾਂ ਅਤੇ ਭਾਜਪਾ-ਆਗੂਆਂ ਦੇ ਘਰਾਂ ਮੂਹਰੇ ਲਾਏ ਮੋਰਚਿਆਂ ਨੂੰ ਜੋਸ਼ੋ-ਖਰੋਸ਼ ਨਾਲ ਮਘਾਈ ਰੱਖਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਨੂੰ ਸੱਦਣ ਉਪਰੰਤ ਅਣਗੌਲਿਆਂ ਕਰਨ ਖ਼ਿਲਾਫ਼ ਰੋਸ-ਪ੍ਰਗਟਾਉਂਦਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਹਜ਼ਾਰਾਂ ਥਾਵਾਂ ‘ਤੇ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
punjab farmers protests
ਵੱਖ-ਵੱਖ ਥਾਵਾਂ ‘ਤੇ ਕਿਸਾਨ-ਜਥੇਬੰਦੀਆਂ ਦੇ ਬੁਲਾਰਿਆਂ ਨੇ ਅਰਥੀ-ਫੂਕ ਮੁਜ਼ਾਹਰਿਆਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ-ਸਰਕਾਰ ਨੇ ਜਥੇਬੰਦੀਆਂ ਨੂੰ ਦਿੱਲੀ ਬੁਲਾ ਕੇ ਅਣਗੌਲਿਆਂ ਕੀਤਾ, ਇੱਕ ਪਾਸੇ ਕੇਂਦਰ ਸਰਕਾਰ ਆਪਣੇ ਮੰਤਰੀਆਂ ਨੂੰ ਪੰਜਾਬ ਭੇਜ ਰਹੀ ਹੈ, ਜਦੋਂਕਿ ਦੂਜੇ ਪਾਸੇ ਦਿੱਲੀ ਗਏ ਪੰਜਾਬ ਦੇ ਕਿਸਾਨ ਆਗੂਆਂ ਲਈ ਖੇਤੀਬਾੜੀ ਮੰਤਰੀ ਵੀ ਸਮਾਂ ਨਹੀਂ ਦੇ ਸਕੇ। ਪਰ ਕੇਂਦਰ-ਸਰਕਾਰ ਇਸ ਭੁਲੇਖੇ ‘ਚ ਨਾ ਰਹੇ ਕਿ ਐਵੇਂ ਅਣਗੌਲਿਆਂ ਕਰਨ ਨਾਲ ਕਿਸਾਨ-ਸੰਘਰਸ਼ ਮੱਠਾ ਪੈ ਜਾਵੇਗਾ, ਸਗੋਂ ਇਹ ਅੰਦੋਲਨ ਦੇਸ਼ ਭਰ ‘ਚ ਮਜ਼ਬੂਤ ਹੁੰਦਿਆਂ ਸਰਕਾਰ ਨੂੰ ਲੋਕ-ਮਾਰੂ ਕਾਨੂੰਨ ਵਾਪਿਸ ਲੈਣ ਲਈ ਮਜ਼ਬੂਰ ਕਰ ਦੇਵੇਗਾ।
farm laws protest
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਅਤੇ ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਸਵੇਰੇ ਮਹਿਮਦਪੁਰ-ਜੱਟਾਂ(ਪਟਿਆਲਾ) ਤੋਂ ਭਾਰਤੀ ਕਿਸਾਨ ਯੂਨੀਅਨ-ਸਿੱਧੂਪੁਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਪੁੱਤਰ ਸੰਪੂਰਨ ਸਿੰਘ  ਮਹਿਮਦਪੁਰ ਜੱਟਾਂ ਵਿਖੇ ਮੋਦੀ-ਸਰਕਾਰ ਦਾ ਪੁਤਲਾ ਸਾੜਦੇ ਲਈ ਹੋਏ ਮੁਜ਼ਾਹਰੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਲਗਾਤਾਰ ਪਿਛਲੇ ਚਾਲੀ ਸਾਲਾਂ ਤੋਂ ਵੱਖ ਵੱਖ ਅਹੁਦਿਆਂ ‘ਤੇ ਕੰਮ ਕਰਦੇ ਹੋਏ ਜਥੇਬੰਦੀ ਦੇ ਆਗੂ ਰਹੇ ਸਨ। ਕਿਸਾਨ ਜਥੇਬੰਦੀਆਂ ਨੇ ਕਿਸਾਨ-ਆਗੂ ਨੂੰ ਕਿਸਾਨ-ਲਹਿਰ ਦਾ ਸ਼ਹੀਦ ਕਰਾਰ ਦਿੱਤਾ।  ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਰਾਜਪੁਰਾ ਵਿਖੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ‘ਚ ਵਰਚੂਅਲ-ਸੈਮੀਨਾਰ ਕੀਤਾ ਜਾਣਾ ਸੀ, ਪਰ ਕਿਸਾਨ-ਆਗੂਆਂ ਵੱਲੋਂ ਸਖ਼ਤ ਵਿਰੋਧ ਕਾਰਨ ਰੱਦ ਕਰਵਾਇਆ ਗਿਆ।
farm laws protest 2
ਪੰਜਾਬ ਭਰ ‘ਚ ਭਾਜਪਾ ਆਗੂਆਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਸਾ ਹੈ। ਟੌਲ-ਪਲਾਜ਼ਿਆਂ ‘ਤੇ ਧਰਨਿਆਂ ਦੌਰਾਨ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦਾ ਹਮਲਾ ਹੈ ,ਜਿਹੜਾ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟਾਂ ਤੁਲ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਸ ਹਮਲੇ ਵਿਰੁੱਧ ਲੰਬੇ ਜਾਨਹੂਲਵੇਂ ਤੇ ਵਿਸ਼ਾਲ ਸੰਘਰਸ਼ਾਂ ਦੀ ਝੜੀ ਲਾ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ  ਦੇਣਗੇ। ਉਹਨਾਂ ਨੇ ਪੰਜਾਬ ਭਰ ਵਿੱਚ ਸਾਰੇ ਕਾਮਿਆਂ ਕਿਸਾਨਾਂ ਵੱਲੋਂ ਇਸ ਘੋਲ਼ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਦਾ ਧੰਨਵਾਦ ਕੀਤਾ, ਕੁੱਝ ਮੌਕਾਪ੍ਰਸਤ ਫਿਰਕੂ ਕਿਸਮ ਦੇ ਸਿਆਸਤਦਾਨਾਂ ਵੱਲੋਂ ਬੇਹੱਦ ਭੜਕਾਊ ਭਾਸ਼ਣਾਂ ਰਾਹੀਂ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ‘ਤੇ ਫਿਰਕਾਪ੍ਰਸਤ ਮਸਲੇ ਉਭਾਰ ਕੇ ਭੜਕਾਊ ਹਿੰਸਕ ਮਾਹੌਲ ਪੈਦਾ ਕਰਨ ਦੇ ਨਾਪਾਕ ਯਤਨਾਂ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ।
RELATED ARTICLES

LEAVE A REPLY

Please enter your comment!
Please enter your name here

Most Popular

Recent Comments