ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦਲਿਤ ਭਾਈਚਾਰੇ ਦੇ ਵਿਕਾਸ ਲਈ ਚੁੱਕੇ ਜਾਣ ਵਾਲੇ ਕਈ ਕਦਮਾਂ ਦੇ ਨਾਲ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਦਲਿਤ ਸਮਾਜ ਲਈ ਬਹੁਤ ਕੁਝ ਪ੍ਰਾਪਤ ਕੀਤਾ।
‘ਪਹਿਲ ਦੇ ਅਧਾਰ ‘ਤੇ ਦਲਿਤਾਂ ਦੀਆਂ ਭਰਤੀਆਂ’
ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ ਐਸ.ਸੀ. ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਵੀ ਵਾਅਦਾ ਕੀਤਾ।
ਪਿੰਡਾਂ ਲਈ ਅਹਿਮ ਐਲਾਨ
ਮੁੱਖ ਮੰਤਰੀ ਨੇ ਵਿੱਤੀ ਸਾਲ 2022 ਲਈ ਪੇਂਡੂ ਲਿੰਕ ਸੜਕਾਂ ਲਈ 500 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਵੀ ਐਲਾਨ ਕੀਤਾ। ਇਸ ਪ੍ਰਾਜੈਕਟ ਹੇਠ ਅਨੁਸੂਚਿਤ ਜਾਤੀਆਂ ਅਤੇ ਹੋਰ ਗਰੀਬ ਤਬਕਿਆਂ ਦੀ ਆਬਾਦੀ ਜਿੱਥੇ ਇਸ ਵੇਲੇ ਸੰਪਰਕ ਸੜਕ ਨਹੀਂ ਹੈ, ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ। ਇਸ ਪ੍ਰਾਜੈਕਟ ਰਾਹੀਂ ਸ਼ਮਸ਼ਾਨ ਘਾਟ ਅਤੇ ਪੂਜਾ ਸਥਾਨ ਵੀ ਜੋੜੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਦੇ ਆਧੁਨਿਕੀਕਰਨ ਲਈ ਸਾਲ 2021-22 ਵਿਚ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਪ੍ਰਸਤਾਵਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਕੁਲ ਵਸੋਂ ਦੀ 50 ਫੀਸਦੀ ਜਾਂ ਬਰਾਬਰ ਅਨੁਸੂਚਿਤ ਜਾਤੀ ਵਸੋਂ ਵਾਲੇ ਪਿੰਡਾਂ ਵਿਚ ਮੌਜੂਦਾ ਗਰਾਂਟਾਂ ਨੂੰ ਹੋਰ ਅੱਗੇ ਵਧਾਉਣਾ ਹੈ।
ਨੌਜਵਾਨਾਂ ਨਾਲ ਸਰਕਾਰ ਦੇ ਵਾਅਦੇ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਾਰ੍ਹਵੀਂ ਜਮਾਤ ਦੇ ਸਾਰੇ ਐਸ.ਸੀ. ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰ ਨੇ ‘ਹਰ ਘਰ ਪੱਕੀ ਛੱਤ’ ਹੇਠ ਪਿੰਡਾਂ ਵਿਚ ਐਸ.ਸੀ. ਅਰਜੀਆਂ ਲਈ 30 ਫੀਸਦੀ ਰਾਖਵਾਂਕਰਨ ਅਤੇ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਲਈ ਵਾਜਬ ਕੀਮਤਾਂ ਵਾਲੀ ਹਾਊਸਿੰਗ ਸਕੀਮ ਵਿਚ ਵੀ 30 ਫੀਸਦੀ ਰਾਖਵਾਂਕਰਨ ਦੇਣਾ ਪ੍ਰਸਤਾਵਿਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਿਵਲ ਸਰਵਿਸਜ਼ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਲੰਧਰ ਵਿਖੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਟ੍ਰੇਨਿੰਗ ਸਥਾਪਤ ਕਰਨ ਦੀ ਯੋਜਨਾ ਹੈ, ਜਿੱਥੇ ਐਸ.ਸੀ. ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਚ ਡਾ. ਬੀ.ਆਰ. ਅੰਬੇਡਕਰ ਮਿਊਜੀਅਮ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਮੈਨੇਜਮੈਂਟ ਦੀ ਸਥਾਪਨਾ ਸਮੇਤ ਹੋਰ ਪ੍ਰੋਜੈਕਟਾਂ ਦੀ ਵੀ ਯੋਜਨਾ ਹੈ।