October 11, 2022
(Chandigarh)
ਪੰਜਾਬ ਅਤੇ ਹਰਿਆਣਾ ਵਿਚਕਾਰ ਸਾਲਾਂ ਤੋਂ ਚੱਲ ਰਹੇ SYL ਵਿਵਾਦ ਦੇ ਹੱਲ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸ਼ੁਰੂ ਹੋ ਗਈਆਂ ਹਨ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀ 14 ਅਕਤੂਬਰ ਨੂੰ ਸਵੇਰੇ ਸਾਢੇ 11 ਵਜੇ ਬੈਠਕ ਕਰਨ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਚਲਦੇ SYL ਦੇ ਮੁੱਦੇ ‘ਤੇ ਇਹ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਸਰਕਾਰ ਸੂਬੇ ਦਾ ਪੁਰਜ਼ੋਰ ਤਰੀਕੇ ਨਾਲ ਆਪਣਾ ਪੱਖ ਰੱਖੇਗੀ।
ਦਿਲਚਸਪ ਹੈ ਕਿ ਦੋਵੇਂ ਸੂਬਿਆਂ ਵਿਚਕਾਰ ਹੋਣ ਜਾ ਰਹੀ ਇਸ ਬੈਠਕ ਵਿੱਚ ਕੇਂਦਰ ਸਰਕਾਰ ਦਾ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੋਵੇਗਾ। ਇਹ ਇਸ ਲਈ ਵੀ ਅਜੀਬ ਹੈ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਹੀ ਦੋਵੇਂ ਸੂਬਿਆਂ ਵਿਚਕਾਰ ਗੱਲਬਾਤ ਦਾ ਜ਼ਰੀਆ ਬਣੀ ਸੀ। ਹਾਲਾਂਕਿ ਕੋਈ ਸਿੱਟਾ ਅਜੇ ਤੱਕ ਨਹੀਂ ਨਿਕਲ ਸਕਿਆ ਹੈ।
ਸੁਪਰੀਮ ਕੋਰਟ ਨੇ ਦਿੱਤੇ ਸਨ ਨਿਰਦੇਸ਼
ਦੱਸ ਦਈਏ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਇਸ ਮੁੱਦੇ ‘ਤੇ ਹੋਈ ਸੁਣਵਾਈ ਦੌਰਾਨ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਇਸਦਾ ਹੱਲ ਕੱਢਣ ਲਈ ਕਿਹਾ ਸੀ। ਸੁਣਵਾਈ ਦੌਰਾਨ ਕੇਂਦਰ ਨੇ ਇਲਜ਼ਾਮ ਲਾਇਆ ਸੀ ਕਿ ਸੀਐੱਮ ਭਗਵੰਤ ਮਾਨ ਇਸ ਮਾਮਲੇ ਵਿੱਚ ਮੀਟਿੰਗ ਲਈ ਸਮਾਂ ਨਹੀਂ ਦੇ ਰਹੇ। ਇਸ ‘ਤੇ ਸੀਐੱਮ ਮਾਨ ਨੇ ਕਿਹਾ ਸੀ ਕੇਂਦਰ ਇਸ ਮਾਮਲੇ ਨੂੰ ਸੁਲਝਾਏ। ਪੰਜਾਬ ਅਤੇ ਹਰਿਆਣਾ, ਦੋਵਾਂ ਨੂੰ ਹੀ ਪਾਣੀ ਦੀ ਲੋੜ ਹੈ।
ਹਰਿਆਣਾ ‘ਚ ਸਰਕਾਰ ਬਣਾਉਣ ਦਾ ਸੁਫਨਾ ਵੇਖ ਰਹੀ ‘ਆਪ’ ਲਈ ਖੜ੍ਹੀ ਹੋਈ ਮੁਸ਼ਕਿਲ..! SYL ‘ਤੇ ਫਸ ਗਿਆ ਪੇਚ!!
19 ਜਨਵਰੀ ਤੱਕ ਮੰਗੀ ਹੈ ਰਿਪੋਰਟ
ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਇਸ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਨਾਲ ਮੀਟਿੰਗ ਕਰਕੇ ਮੁੱਦੇ ਦਾ ਹੱਲ ਕਢਿਆ ਜਾਵੇ। ਨਾਲ ਹੀ ਮੀਟਿੰਗ ਦੀ ਰਿਪੋਰਟ ਤਿਆਰ ਕਰਕੇ ਸੌਂਪਣ ਲਈ ਕਿਹਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ 2023 ਨੂੰ ਹੋਵੇਗੀ।