Home Election ਚੁਣਾਵੀ ਸਾਲ 'ਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, 6ਵੇਂ ਪੇਅ...

ਚੁਣਾਵੀ ਸਾਲ ‘ਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਹੋਣਗੀਆਂ ਲਾਗੂ

ਚੰਡੀਗੜ੍ਹ। ਪੰਜਾਬ ਸਰਕਾਰ ਨੇ ਚੁਣਾਵੀ ਸਾਲ ‘ਚ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ 6ਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਵੀ ਫੈਸਲਾ ਕੀਤਾ। ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਵੱਡਾ ਲਾਭ ਪੁੱਜੇਗਾ।

ਹੁਣ 18000 ਹੋਵੇਗੀ ਘੱਟੋ-ਘੱਟ ਤਨਖਾਹ

ਸੂਬਾਈ ਵਜ਼ਾਰਤ ਦੀ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਇਸ ਫੈਸਲੇ ਦੇ ਨਤੀਜੇ ਵਜੋਂ ਸਰਕਾਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ 6950 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ 18000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਤਨਖਾਹਾਂ ਤੇ ਪੈਨਸ਼ਨਾਂ ਪਿਛਲੇ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਮੁਕਾਬਲੇ ਇਸ ਵਾਰ 2.59 ਗੁਣਾਂ ਵਧ ਜਾਣਗੀਆਂ ਅਤੇ ਸਾਲਾਨਾ ਇੰਕਰੀਮੈਂਟ 3 ਫੀਸਦੀ ਮਿਲੇਗਾ, ਜਿਸ ਨਾਲ ਸਾਰੇ ਮੌਜੂਦਾ ਮੁਲਾਜ਼ਮਾਂ ਦੇ ਤਨਖਾਹ ਸਕੇਲ ਗੁਆਂਢੀ ਸੂਬੇ ਹਰਿਆਣਾ ਤੋਂ ਵੱਧ ਹੋ ਜਾਣਗੇ।

ਘੱਟੋ-ਘੱਟ ਪੈਨਸ਼ਨ 9000 ਰੁ. ਪ੍ਰਤੀ ਮਹੀਨਾ

ਇਸ ਤੋਂ ਇਲਾਵਾ 6ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਨਾਲ ਸੋਧੇ ਹੋਏ ਢਾਂਚੇ ਮੁਤਾਬਕ ਘੱਟੋ-ਘੱਟ ਪੈਨਸ਼ਨ 3500 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ 9000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ ਅਤੇ ਘੱਟੋ-ਘੱਟ ਫੈਮਲੀ ਪੈਨਸ਼ਨ ਵਧ ਕੇ 9000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਨਵੇਂ ਢਾਂਚੇ ਤਹਿਤ ਤਲਾਕਸ਼ੁਦਾ/ਵਿਧਵਾ ਧੀ ਵੀ ਫੈਮਲੀ ਪੈਨਸ਼ਨ ਲਈ ਯੋਗ ਹੋਵੇਗੀ ਅਤੇ ਫੈਮਲੀ ਪੈਨਸ਼ਨ ਲਈ ਆਮਦਨ ਦਾ ਯੋਗਤਾ ਪੈਮਾਨਾ 3500 ਰੁਪਏ ਜਮ੍ਹਾਂ ਡੀ.ਏ. ਤੋਂ ਵਧਾ ਕੇ 9000 ਰੁਪਏ ਜਮ੍ਹਾਂ ਡੀ.ਏ. ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।

ਅਕਤੂਬਰ ਤੇ ਜਨਵਰੀ ‘ਚ ਮਿਲੇਗਾ ਬਕਾਇਆ

ਪਹਿਲੀ ਜਨਵਰੀ 2016 ਤੋਂ 30 ਜੂਨ 2021 ਤੱਕ ਮੂਲ ਬਕਾਇਆ (ਨੈਟ ਏਰੀਅਰ) ਦੀ ਅਨੁਮਾਨਤ ਰਕਮ ਕਰੀਬ 13,800 ਕਰੋੜ ਰੁਪਏ ਬਣਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 2017 ਤੋਂ ਕਰਮਚਾਰੀਆਂ ਨੂੰ 5 ਫੀਸਦੀ ਅੰਤਰਿਮ ਰਾਹਤ ਪਹਿਲਾਂ ਹੀ ਦਿੱਤੀ ਜਾ ਰਹੀ ਹੈ। ਸਾਲ 2016 ਲਈ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮੂਲ ਬਕਾਏ ਦੀ ਅਨੁਮਾਨਤ ਰਕਮ 2572 ਕਰੋੜ ਰੁਪਏ ਬਣਦੀ ਹੈ, ਜੋ ਕਿ ਦੋ ਬਰਾਬਰ ਕਿਸ਼ਤਾਂ ਵਿੱਚ ਅਕਤੂਬਰ 2021 ਤੇ ਜਨਵਰੀ 2022 ਵਿੱਚ ਦਿੱਤੀ ਜਾਵੇਗੀ।

ਇਹਨਾਂ ਦਰਾਂ ‘ਚ ਹੋਵੇਗਾ ਫ਼ਾਇਦਾ

ਸਰਕਾਰ ਨੇ ਪਹਿਲੀ ਜੁਲਾਈ 2021 ਤੋਂ ਪੈਨਸ਼ਨ ਦੀ ਕਮਿਊਟੇਸ਼ਨ 40 ਫੀਸਦੀ ਤੱਕ ਬਹਾਲ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਮੌਤ ਕਮ ਰਿਟਾਇਰਮੈਂਟ ਗਰੈਚੁਟੀ (ਡੀ.ਸੀ.ਆਰ.ਜੀ.) ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਸ ਗ੍ਰੇਸ਼ੀਆ ਗਰਾਂਟ ਦੀਆਂ ਮੌਜੂਦਾ ਦਰਾਂ ਦੁਗਣੀਆਂ ਕਰ ਦਿੱਤੀਆਂ ਗਈਆਂ ਹਨ। ਮੌਤ ਕਮ ਰਿਟਾਇਰਮੈਂਟ ਗਰੈਚੁਟੀ ਤੇ ਐਕਸ ਗ੍ਰੇਸ਼ੀਆ ਨੂੰ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਖਜ਼ਾਨੇ ‘ਤੇ ਪਵੇਗਾ 8637 ਕਰੋੜ ਦਾ ਵਾਧੂ ਬੋਝ

ਸਰਕਾਰੀ ਬੁਲਾਰੇ ਨੇ ਕਿਹਾ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਲਾਗੂ ਹੋਣ ਨਾਲ ਸੂਬੇ ਦੇ ਖਜ਼ਾਨੇ ਉਤੇ ਸਾਲਾਨਾ 8637 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ ਅਤੇ ਸੰਭਾਵੀ ਵਾਧੂ ਕੁੱਲ ਖਰਚਾ ਪ੍ਰਤੀ ਸਾਲ ਕਰੀਬ 4700 ਕਰੋੜ ਰੁਪਏ ਹੋਵੇਗਾ।

ਉਚੇਰੀ ਯੋਗਤਾ ਹਾਸਲ ਕਰਨ ‘ਤੇ ਮਿਲੇਗਾ ਭੱਤਾ

ਸੂਬਾ ਸਰਕਾਰ ਵੱਲੋਂ ਇਕ ਨਵਾਂ ਭੱਤਾ-ਉਚੇਰੀ ਸਿੱਖਿਆ ਭੱਤਾ ਵੀ ਸ਼ੁਰੂ ਕੀਤਾ ਗਿਆ ਹੈ, ਜੋ ਯਕਮੁਸ਼ਤ ਲਾਭ ਦੇ ਰੂਪ ਵਿੱਚ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਜੋ ਆਪਣੀ ਨੌਕਰੀ ਦੌਰਾਨ ਉਸ ਖੇਤਰ ਵਿੱਚ ਉਚੇਰੀ ਯੋਗਤਾ ਹਾਸਲ ਕਰਨਗੇ ਜੋ ਉਨ੍ਹਾਂ ਦੀ ਨੌਕਰੀ ਨਾਲ ਸਬੰਧਤ ਹੋਵੇ। ਨਵੇਂ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਤਨਖਾਹ ਸਕੇਲਾਂ ਦੇ ਅਨੁਸਾਰ ਹੀ ਅਦਾਇਗੀ ਕੀਤੀ ਜਾਵੇਗੀ, ਜੋ ਕਿ ਸਾਰੀਆਂ ਨਵੀਆਂ ਭਰਤੀਆਂ ਉਤੇ ਵੀ ਲਾਗੂ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments