ਚੰਡੀਗੜ੍ਹ। ਪੰਜਾਬ ‘ਚ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਮੁਫ਼ਤ ‘ਚ ਲਗਾਈ ਜਾਵੇਗੀ। ਸੂਬੇ ‘ਚ ਕੋਰੋਨਾ ਦੇ ਤਾਜ਼ਾ ਹਾਲਾਤ ‘ਤੇ ਸਮੀਖਿਆ ਲਈ ਸੱਦੀ ਗਈ ਬੈਠਕ ‘ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸਦਾ ਐਲਾਨ ਕੀਤਾ। ਪੰਜਾਬ ਸਣੇ ਦੇਸ਼ ਭਰ ‘ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਨ ਦੀ ਸ਼ੁਰੂਆਤ ਹੋਣ ਜਾ ਰਹੀ ਹੈ, ਜਿਸ ਤਹਿਤ ਸੀਐੱਮ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀਕਿਆਂ ਦੀ ਸਪਲਾਈ ਮੁਫਤ ਕਰਨ ਦੀ ਹਦਾਇਤ ਦਿੱਤੀ ਹੈ।
ਸ਼ੁਰੂਆਤ ਵਿੱਚ ਟੀਕਿਆਂ ਦੀ ਸੀਮਤ ਸਪਲਾਈ ਦੀ ਸੰਭਾਵਨਾ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮਾਹਿਰਾਂ ਦਾ ਗਰੁੱਪ ਬਣਾਇਆ, ਜਿਸ ਵਿੱਚ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ, ਸੀ.ਐਮ.ਸੀ. ਵੈਲੋਰ ਦੇ ਕਮਿਊਨਟੀ ਹੈਲਥ ਦੇ ਪ੍ਰੋਫੈਸਰ ਡਾ.ਜੈਕਬ ਜੌਹਨ ਅਤੇ ਪੀ.ਜੀ.ਆਈ. ਦੇ ਜਨ ਸਿਹਤ ਵਿਭਾਗ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ। ਇਹ ਗਰੁੱਪ 18 ਤੋਂ 45 ਸਾਲ ਉਮਰ ਵਰਗ ਵਿੱਚ ਤਰਜੀਹਾਂ ਲਈ ਸੁਝਾਅ ਦੇਵੇਗਾ।
ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮਾਹਿਰਾਂ ਦੇ ਗਰੁੱਪ ਨੂੰ ਟੀਕਾਕਰਨ ਸਬੰਧੀ ਰਣਨੀਤੀ ਉਲੀਕਣ ਅਤੇ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਅਣਕਿਆਸੇ ਸੰਕਟ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਟਾਕਰੇ ਲਈ ਇਕ ਵਿਸਥਾਰਤ ਯੋਜਨਾ ਸੂਬਾ ਸਰਕਾਰ ਨੂੰ ਇਕ ਹਫਤੇ ਵਿੱਚ ਸੌਂਪਣ ਲਈ ਕਿਹਾ।
ਕੋਵਿਡ-19 ਦੇ ਮੌਜੂਦਾ ਦੂਜੀ ਲਹਿਰ ਦਾ ਡਟਵਾਂ ਟਾਕਰਾ ਕਰਨ ਲਈ ਢੁੱਕਵੀਂ ਰਣਨੀਤੀ ਦੀ ਲੋੜ ਉਤੇ ਜ਼ੋਰ ਦਿੰਦਿਆਂ ਮਾਹਿਰ ਗਰੁੱਪ ਦੀ ਇਕ ਮੈਂਬਰ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ ਅਤੇ ਪਟਿਆਲਾ ਵਰਗੇ ਵੱਧ ਕੇਸਾਂ ਵਾਲੇ ਸ਼ਹਿਰਾਂ ਸਬੰਧੀ ਭੂਗੋਲਿਕ ਸਥਿਤੀ ਨੂੰ ਵੀ ਆਧਾਰ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮੈਡੀਕਲ ਜ਼ਰੂਰਤ (ਗੰਭੀਰ ਸਹਿ ਬਿਮਾਰੀ) ਅਤੇ ਅਧਿਆਪਕਾਂ ਆਦਿ ਵਰਗੇ ਕਿੱਤਾਮੁਖੀ ਸਮੂਹਾਂ ਨੂੰ ਆਧਾਰ ਬਣਾ ਕੇ ਤਰਜੀਹਾਂ ਮਿੱਥੀਆਂ ਜਾਣ।