Home Corona 100% ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਨੂੰ 10 ਲੱਖ ਰੁਪਏ...

100% ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇਣਗੇ ਕੈਪਟਨ

ਚੰਡੀਗੜ੍ਹ। ਪੰਜਾਬ ਦੇ ਪਿੰਡਾਂ ਨੂੰ ਟੀਕਾਕਰਨ ਤੋਂ ਗੁਰੇਜ਼ ਨਾ ਕਰਨ ਬਦਲੇ ਤੋਹਫਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ।

ਮੁੱਖ ਮੰਤਰੀ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ 4000 ਲਾਈਵ ਲੋਕੇਸ਼ਨਾਂ ਉੱਤੇ ਵੱਖੋ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ 2000 ਮੁਖੀਆਂ/ਮੈਂਬਰਾਂ ਨਾਲ ਐਲ.ਈ.ਡੀ. ਸਕਰੀਨਾਂ ਰਾਹੀਂ ਗੱਲਬਾਤ ਕਰ ਰਹੇ ਸਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਕੋਵਿਡ ਦੇ ਐਮਰਜੈਂਸੀ ਇਲਾਜ ਲਈ ਪੰਚਾਇਤ ਫੰਡਾਂ ਵਿਚੋਂ ਪ੍ਰਤੀ ਦਿਨ 5000 ਰੁਪਏ ਦੀ ਹੱਦ ਤੱਕ ਖਰਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਹ ਹੱਦ 50,000 ਰੁਪਏ ਤੱਕ ਮਿੱਥੀ ਗਈ ਹੈ।

CM ਨੇ ਸਰਪੰਚਾਂ ਤੇ ਪੰਚਾਂ ਤੋਂ ਮੰਗਿਆ ਸਹਿਯੋਗ

ਮੁੱਖ ਮੰਤਰੀ ਨੇ ਸੂਬੇ ਭਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿਚ ਕੋਵਿਡ ਖਿਲਾਫ ਜੰਗ ਵਿਚ ਮੋਹਰੀ ਕਿਰਦਾਰ ਅਦਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕਾਂ ਨੂੰ ਹਲਕੇ ਲੱਛਣ ਨਜ਼ਰ ਆਉਣ ਉੱਤੇ ਵੀ ਆਪਣੀ ਕੋਵਿਡ ਸਬੰਧੀ ਜਾਂਚ ਅਤੇ ਟੀਕਾਕਰਨ ਕਰਵਾਉਣ ਹਿੱਤ ਪ੍ਰੇਰਿਤ ਕੀਤਾ ਜਾਵੇ। ਪੇਂਡੂ ਖੇਤਰਾਂ ਦੀ ਆਬਾਦੀ ਨੂੰ ਕੋਰੋਨਾ ਦੇ ਮਾਰੂ ਪ੍ਰਭਾਵਾਂ ਅਤੇ ਕੀਮਤੀ ਜਾਨਾਂ ਬਚਾਉਣ ਲਈ ਛੇਤੀ ਇਸ ਰੋਗ ਦਾ ਪਤਾ ਲਾਉਣ ਅਤੇ ਇਲਾਜ ਕਰਵਾਉਣ ਦੀ ਲੋੜ ਸਬੰਧੀ ਜਾਗਰੂਕ ਕਰਨ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਜ ਸਿਰਫ ਵਿਸ਼ੇਸ਼ ਰੂਪ ਨਾਲ ਪ੍ਰਚਾਰ ਮੁਹਿੰਮਾਂ ਰਾਹੀਂ ਹੀ ਨੇਪਰੇ ਚਾੜਿਆ ਜਾ ਸਕਦਾ ਹੈ।

ਉਨਾਂ ਪੰਚਾਇਤਾਂ ਨੂੰ ਵਿਸ਼ੇਸ਼ ਮੈਡੀਕਲ ਕੈਂਪ ਲਾਉਣ ਅਤੇ ਸਾਬਕਾ ਫੌਜੀਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ, ਜਿਨਾਂ ਨੇ ਆਪਣੇ ਸੇਵਾਕਾਲ ਦੌਰਾਨ ਕਈ ਜੰਗਾਂ ਲੜੀਆਂ ਅਤੇ ਇਸ ਮਹਾਂਮਾਰੀ ਖਿਲਾਫ ਸੂਬੇ ਦੀ ਜੰਗ ਦਾ ਹਿੱਸਾ ਹਨ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿਚ ਕੋਵਿਡ ਸੰਕ੍ਰਮਿਤ ਵਿਅਕਤੀਆਂ ਦਾ ਦਾਖਲਾ ਰੋਕਣ ਲਈ ਠੀਕਰੀ ਪਹਿਰੇ ਸ਼ੁਰੂ ਕਰਨ, ਪਾਜ਼ੇਟਿਵ ਪਾਏ ਜਾਣ ਵਾਲੇ ਹਰੇਕ ਵਿਅਕਤੀ ਨੂੰ ਫਤਿਹ ਕਿੱਟ ਮੁਹੱਈਆ ਕਰਵਾਉਣ ਅਤੇ 94 ਫੀਸਦੀ ਤੋਂ ਹੇਠਾਂ ਦੇ ਆਕਸੀਜਨ ਪੱਧਰ ਵਾਲੇ ਵਿਅਕਤੀਆਂ ਦਾ ਸੰਪੂਰਨ ਇਲਾਜ ਯਕੀਨੀ ਬਣਾਏ ਜਾਣ ਲਈ ਕਿਹਾ।

ਉਨਾਂ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਕਿਹਾ ਕਿ ਕਿਸੇ ਵੀ ਤਰਾਂ ਦੇ ਲੱਛਣ ਨਜ਼ਰ ਆਉਣ ਦੀ ਸੂਰਤ ਵਿਚ ਉਹ ਆਪਣੇ ਆਪ ਨੂੰ ਤੁਰੰਤ ਹੀ ਇਕਾਂਤਵਾਸ ਕਰ ਲੈਣ ਅਤੇ ਸੰਕ੍ਰਮਣ ਦਾ ਛੇਤੀ ਪਤਾ ਲਾਉਣ ਲਈ ਆਪਣੀ ਜਾਂਚ ਕਰਵਾਉਣ, ਕਿਉਂਕਿ ਇਸ ਸਬੰਧੀ ਵਰਤੀ ਗਈ ਕੋਈ ਵੀ ਅਣਗਹਿਲੀ ਬਾਅਦ ਵਿਚ ਗੰਭੀਰ ਨਤੀਜੇ ਦਿੰਦੀ ਹੋਈ ਮਾਰੂ ਸਾਬਤ ਵੀ ਹੋ ਸਕਦੀ ਹੈ।

ਵੈਕਸੀਨ ਦੇ ਪ੍ਰਬੰਧ ਲਈ ਕੋਸ਼ਿਸ਼ਾਂ ਜਾਰੀ- CM

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 18 ਸਾਲ ਤੋਂ ਵੱਧ ਦੇ ਉਮਰ ਵਰਗ ਦੇ ਟੀਕਾਕਰਨ ਲਈ ਵੱਖੋ-ਵੱਖ ਸਰੋਤਾਂ ਨੂੰ ਟੀਕਿਆਂ ਦਾ ਪ੍ਰਬੰਧ ਕਰਨ ਲਈ ਹੰਭਲਾ ਮਾਰਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਟੀਕਿਆਂ ਦਾ ਪ੍ਰਬੰਧ ਕਰਨ ਹਿੱਤ ਕੇਂਦਰ ਸਰਕਾਰ ਕੋਲ ਵੀ ਲਗਾਤਾਰ ਮਸਲਾ ਚੁੱਕਿਆ ਜਾ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਪਹਿਲਾਂ ਜਦੋਂ ਸੂਬਾ ਸਰਕਾਰ ਕੋਲ ਟੀਕਿਆਂ ਦਾ ਸਟਾਕ ਭਰਪੂਰ ਮਾਤਰਾ ਵਿਚ ਸੀ ਉਦੋਂ ਲੋਕ ਟੀਕੇ ਲਗਵਾਉਣ ਲਈ ਅੱਗੇ ਨਹੀਂ ਆਏ ਪਰ ਹੁਣ ਜਦੋਂ ਸਥਿਤੀ ਉਲਟ ਹੋ ਗਈ ਹੈ ਤਾਂ ਟੀਕਾਕਰਨ ਕਰਵਾਉਣ ਦੇ ਚਾਹਵਾਨ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ।

‘ਬਿਨ੍ਹਾਂ ਟੀਮ ਦੇ ਕੁਝ ਨਹੀਂ ਕਰ ਸਕਦਾ ਕਪਤਾਨ’

ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਲ-ਮਿਲ ਕੇ ਕੋਸ਼ਿਸ਼ ਕਰਨ ਦੀ ਲੋੜ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਕਪਤਾਨ ਵਜੋਂ ਇਕੱਲਾ ਕੁਝ ਨਹੀਂ ਕਰ ਸਕਦਾ ਅਤੇ ਰਲ ਕੇ ਯਤਨ ਕੀਤੇ ਜਾਣ ਨਾਲ ਸਾਨੂੰ ਆਪਣਾ ਟੀਚਾ ਹਾਸਲ ਕਰਨ ਵਿਚ ਮਦਦ ਮਿਲੇਗੀ।’’ ਮੁੱਖ ਮੰਤਰੀ ਨੇ ਪਿੰਡਾਂ ਦੇ ਵਾਸੀਆਂ ਨੂੰ ਸੂਬਾ ਸਰਕਾਰ ਦੁਆਰਾ ਸਮੇਂ-ਸਮੇਂ ਉੱਤੇ ਜਾਰੀ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments