ਚੰਡੀਗੜ੍ਹ। 2022 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਆਪਣੇ ਇੱਕ ਹੋਰ ਚੋਣ ਵਾਅਦੇ ਨੂੰ ਬੂਰ ਪਾਉਣ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ, ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।
ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।
Happy to share that we have approved waiving farm loan of Rs. 590 Cr of 2.85 lakh farm labourers & landless farmers. Have directed the Finance & Cooperation Departments to kick-off its effective implementation from 20th August. pic.twitter.com/hQmMFeRAoe
— Capt.Amarinder Singh (@capt_amarinder) July 14, 2021
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ‘ਤੇ ਕਾਰਗਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ, ਜਿਸਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।
ਹੁਣ ਤੱਕ ਕਿਸਾਨਾਂ ਨੂੰ ਇੰਨੀ ਰਾਹਤ ਮਿਲੀ
ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ‘ਤੇ ਲੀਕ ਫੇਰਨ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿੱਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ, ਜਿਹਨਾਂ ਵਿੱਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ, ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।