ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਪਟਿਆਲਾ ‘ਚ ਪ੍ਰਸਤਾਵਿਤ 3 ਦਿਨਾਂ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਧਰਨਾ ਵੱਡੇ ਪੱਧਰ ‘ਤੇ ਕੋਰੋਨਾ ਦੇ ਫੈਲਾਅ ਦਾ ਕਾਰਨ ਬਣ ਸਕਦਾ ਹੈ। ਸੀਐੱਮ ਨੇ ਕਿਹਾ ਕਿ ਧਰਨੇ-ਪ੍ਰਦਰਸ਼ਨਾਂ ਵਰਗੀ ਕੋਈ ਵੀ ਗਤੀਵਿਧੀ ਸੂਬੇ ‘ਚ ਕੋਰੋਨਾ ਨਾਲ ਨਜਿੱਠਣ ਲਈ ਉਹਨਾਂ ਦੀ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਕੋਸ਼ਿਸ਼ਾਂ ‘ਤੇ ਪਾਣੀ ਫੇਰ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ ਮਹਾਮਾਰੀ ਦੇ ਸਮੇਂ ਖਾਸ ਕਰਕੇ ਜਦੋਂ ਸੂਬੇ ਵਿਚ ਸਾਰੇ ਇਕੱਠਾਂ ਉਤੇ ਮੁਕੰਮਲ ਪਾਬੰਦੀ ਹੋਵੇ, ਤਾਂ ਇਸ ਦੌਰ ਵਿਚ ਅਜਿਹੇ ਲਾਪਰਵਾਹੀ ਵਾਲੇ ਰਵੱਈਏ ਨਾਲ ਗੈਰ-ਜਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜਿੰਦਗੀਆਂ ਖ਼ਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ ਵਿਚ ਮੁੱਖ ਤੌਰ ਉਤੇ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ ਜਦਕਿ ਪਿੰਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਨਾ ਕਿਸੇ ਹਾਲਤ ਵਿਚ ਸੰਕਟ ਵਿੱਚੋਂ ਗੁਜ਼ਰ ਰਹੇ ਹਨ।
ਸਹਿਯੋਗ ਦੇ ਬਦਲੇ ਮੰਗਿਆ ਸਹਿਯੋਗ
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਚੇਤੇ ਕਰਵਾਉਣ ‘ਚ ਵੀ ਕੋਈ ਕਸਰ ਨਹੀਂ ਛੱਡੀ ਕਿ ਉਹਨਾਂ ਦੀ ਸਰਕਾਰ ਪਹਿਲੇ ਦਿਨ ਤੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਆਈ ਹੈ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸੀਐੱਮ ਨੇ ਕਿਹਾ ਕਿ ਇਸ ਡਟਵੇਂ ਸਹਿਯੋਗ ਨੂੰ ਵਿਚਾਰਦੇ ਹੋਏ ਕਿਸਾਨ ਜਥੇਬੰਦੀ ਦਾ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਹੁਣ ਸਮਾਂ ਕਿਸਾਨਾਂ ਵੱਲੋਂ ਬਦਲੇ ਵਿਚ ਮਹਾਮਾਰੀ ਵਿਰੁੱਧ ਲੜਾਈ ਵਿਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕੋਵਿਡ ਖਿਲਾਫ਼ ਲੜਾਈ ਵਿਚ ਉਨ੍ਹਾਂ ਦੀ ਸਰਕਾਰ ਨੂੰ ਕਿਸਾਨ ਦੇ ਸਹਿਯੋਗ ਕਰਨ ਉਤੇ ਨਿਰਭਰ ਹਨ।
ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੋਵਿਡ ਸਬੰਧੀ ਇਹਤਿਆਤ ਵਿਚ ਲਾਪਰਵਾਹੀ ਵਰਤਣ ਦੀ ਕੋਈ ਗੁੰਜਾਇਸ਼ ਨਹੀਂ ਅਤੇ ਕਿਸੇ ਕਿਸਮ ਦੀਆਂ ਰੈਲੀਆਂ ਜਾਂ ਧਰਨੇ ਉਸ ਵੇਲੇ ਪੂਰੀ ਤਰ੍ਹਾਂ ਨਾ-ਮਨਜੂਰ ਹਨ, ਜਦੋਂ ਲੋਕਾਂ ਦੀ ਜਿੰਦਗੀ ਦਾਅ ਉਤੇ ਲੱਗੀ ਹੋਵੇ।
‘ਪੰਜਾਬ ਦੇ ਹਾਲਾਤ ਦੂਜੇ ਸੂਬਿਆਂ ਨਾਲੋਂ ਬਿਹਤਰ’
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਵਰਗੇ ਸੂਬਿਆਂ ਵਰਗੀ ਹੋਣ ਤੋਂ ਰੋਕਣ ਵਿਚ ਸਖ਼ਤ ਲੜਾਈ ਲੜੀ ਹੈ ਅਤੇ ਇੱਥੋਂ ਤੱਕ ਕਿ ਉੱਤਰ ਪ੍ਰਦੇਸ਼ ਜਿੱਥੇ ਗੰਗਾ ਨਦੀ ਵਿਚ ਤੈਰਦੀਆਂ ਲਾਸ਼ਾਂ ਨੇ ਬੀਜੇਪੀ ਦੀ ਸੱਤਾ ਵਾਲੇ ਸੂਬੇ ਦੀ ਇਸ ਮਹਾਮਾਰੀ ਨਾਲ ਨਜਿੱਠਣ ਵਿਚ ਮਾੜੇ ਪ੍ਰਬੰਧਾਂ ਦਾ ਪਰਦਾਫਾਸ਼ ਕਰਕੇ ਰੱਖ ਦਿੱਤਾ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਕੋਵਿਡ ਦੀ ਦੂਜੀ ਲਹਿਰ ਦੇ ਸਿਖਰ ਦੌਰਾਨ ਵੀ ਹਾਲਾਤ ਕਾਬੂ ਤੋਂ ਬਾਹਰ ਨਹੀਂ ਹੋਏ ਜਿਵੇਂ ਕਿ ਕੁਝ ਦੂਜੇ ਸੂਬਿਆਂ ਵਿਚ ਵਾਪਰਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮਹਾਂਮਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਪਟਣ ਵਿਚ ਉਨ੍ਹਾਂ ਦੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਸਾਰੇ ਦੋਸ਼ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ ਵੈਕਸੀਨ ਦੀ ਘਾਟ ਦੀ ਗੰਭੀਰ ਸਮੱਸਿਆ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਵੀ ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਨਹੀਂ, ਸਗੋਂ ਕੇਂਦਰ ਸਰਕਾਰ ਕਰਕੇ ਇਹ ਨੌਬਤ ਬਣੀ ਹੋਈ ਹੈ।