ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਨੂੰ ਕਿਸਾਨਾਂ ਲਈ ਬਿਜਲੀ ਦੀ 8 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਹੁਕਮ ਜਾਰੀ ਕੀਤੇ।
ਲੋੜ ਪੈਣ ‘ਤੇ ਬਿਜਲੀ ਦੀ ਖਰੀਦ ਕਰਨ ਦਾ ਹੁਕਮ
ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ‘ਤੇ ਸੂਬੇ ਤੋਂ ਬਾਹਰੋਂ ਬਿਜਲੀ ਖਰੀਦਣ ਦੇ ਆਦੇਸ਼ ਦਿੱਤੇ ਹਨ, ਤਾਂ ਕਿ ਬਿਜਾਈ ਦੇ ਚੱਲ ਰਹੇ ਸੀਜ਼ਨ ਵਿਚ ਬਿਜਲੀ ਸਪਲਾਈ ਵਿਚ ਕੋਈ ਵਿਘਨ ਨਾ ਪੈਣ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਵਚਨਬੱਥ ਹੈ।
ਵਿੱਤ ਵਿਭਾਗ ਨੂੰ 500 ਕਰੋੜ ਜਾਰੀ ਕਰਨ ਦੀ ਹਦਾਇਤ
ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਮਹਾਮਾਰੀ ਦੇ ਮੱਦੇਨਜ਼ਰ ਪੈਦਾ ਹੋਏ ਵਿੱਤੀ ਸੰਕਟ ਨਾਲ ਨਿਪਟਿਆ ਜਾ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਗ ਬਾਦਲ ਜੋ ਮੀਟਿੰਗ ਵਿਚ ਹਾਜ਼ਰ ਸਨ, ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਇਹ ਫੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ।
Reviewed the power situation in the State with FM and senior officers. Have directed them to ensure regular power supply to our farmers under all circumstances. Finance Department will urgently release Rs. 500 cr of power subsidy to PSPCL.
— Capt.Amarinder Singh (@capt_amarinder) June 25, 2021
ਮਹਾਂਮਾਰੀ ਦੇ ਚਲਦੇ ਵਿੱਤੀ ਸੰਕਟ ‘ਚ PSPCL
ਇਸ ਤੋਂ ਪਹਿਲਾਂ PSPCL ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮਹਾਂਮਾਰੀ ਦੇ ਸੰਕਟ ਦੌਰਾਨ ਬੀਤੇ ਇੱਕ ਸਾਲ ਵਿੱਚ ਖਪਤ ਅਤੇ ਮਾਲੀਏ ਦੀ ਉਗਰਾਹੀ ਵਿਚ ਕਮੀ ਆਉਣ ਕਰਕੇ ਕਈ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਨ ਸਵਾਲ
ਕਾਬਿਲੇਗੌਰ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਅਦੇ ਮੁਤਾਬਕ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ। ਇਸ ਨੂੰ ਲੈ ਕੇ ਵਿਰੋਧੀ ਲਗਾਤਾਰ ਸਰਕਾਰ ‘ਤੇ ਸਵਾਲ ਚੁੱਕ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਸੀ ਕਿ ਕਿਸਾਨਾਂ ਨੁੰ ਮੁਸ਼ਕਿਲ ਨਾਲ 4 ਤੋਂ 5 ਘੰਟੇ ਲਈ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਹ ਵੀ ਵਾਰ-ਵਾਰ ਕੱਟ ਲਗਾ ਕੇ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਨਹਿਰੀ ਪਾਣੀ ਦੀ ਸਪਲਾਈ ਵਿੱਚ ਵੀ ਵਿਘਨ ਪਿਆ ਹੈ, ਜਿਸ ਕਾਰਨ ਸੂਬੇ ਦੀ ਮਾਲਵਾ ਪੱਟੀ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।