Home Agriculture ਝੋਨੇ ਦੇ MSP 'ਚ ਨਿਗੂਣੇ ਵਾਧੇ ਨੂੰ CM ਕੈਪਟਨ ਨੇ ਅਣਉਚਿਤ ਅਤੇ...

ਝੋਨੇ ਦੇ MSP ‘ਚ ਨਿਗੂਣੇ ਵਾਧੇ ਨੂੰ CM ਕੈਪਟਨ ਨੇ ਅਣਉਚਿਤ ਅਤੇ ਅੰਦੋਲਨਕਾਰੀ ਕਿਸਾਨਾਂ ਦਾ ਅਪਮਾਨ ਦੱਸਿਆ

ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੂਣੇ ਵਾਧੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਵਾਧਾ ਨਾ ਸਿਰਫ ਪੂਰੀ ਤਰ੍ਹਾਂ ਅਣਉਚਿਤ ਹੈ, ਸਗੋਂ ਉਨ੍ਹਾਂ ਕਿਸਾਨਾਂ ਦਾ ਵੀ ਨਿਰਾਦਰ ਵੀ ਹੈ ਜੋ ਪਿਛਲੇ 6 ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ‘ਚ ਸੰਘਰਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ, ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।

ਡੀਜ਼ਲ ਅਤੇ ਹੋਰ ਲਾਗਤਾਂ ਵਿਚ ਹੋਏ ਤਿੱਖੇ ਵਾਧੇ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਮਰਥਨ ਮੁੱਲ ਵਿਚ ਚਾਰ ਫੀਸਦੀ ਤੋਂ ਵੀ ਘੱਟ ਕੀਤਾ ਗਿਆ ਵਾਧਾ ਖੇਤੀ ਲਾਗਤਾਂ ਵਿਚ ਹੋਏ ਵਾਧੇ ਦੀ ਪੂਰਤੀ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਇਜਾਫਾ ਵੀ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੇ ਮੁੱਢਲੇ ਭਾਅ ਵਿਚ ਤੁੱਛ ਵਾਧਾ ਕਿਸਾਨਾਂ ਨੂੰ ਅਤਿ ਲੋੜੀਂਦੀ ਫਸਲੀ ਵਿਭਿੰਨਤਾ ਵੱਲ ਮੁੜਣ ਲਈ ਨਿਰਉਤਸ਼ਾਹਿਤ ਕਰੇਗਾ, ਜਦਕਿ ਪਾਣੀ ਦੇ ਘਟ ਰਹੇ ਵਸੀਲੇ ਬਚਾਉਣ ਵਿਚ ਫਸਲੀ ਵੰਨ-ਸੁਵੰਨਤਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਸੀ ਜਿਨ੍ਹਾਂ ਵਿਚ ਇਹ ਸੁਝਾਅ ਦਿੱਤਾ ਗਿਆ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਫਸਲ ਦੇ ਉਤਪਾਦਨ ਦੀ ਕੁੱਲ ਔਸਤ ਲਾਗਤ ਦੀ 50 ਫੀਸਦੀ ਤੋਂ ਵੱਧ ਹੋਣਾ ਚਾਹੀਦਾ ਹੈ। ਉਨ੍ਹਾਂ ਦੁੱਖ ਜਾਹਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤ ਵਿਚ ਅਤੇ ਮੁਲਕ ਦੀ ਖੁਰਾਕ ਸੁਰੱਖਿਆ ਲਈ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਾ ਤਾਂ ਇਕ ਪਾਸੇ ਰਿਹਾ ਸਗੋਂ ਬੀਜੇਪੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰ ਦਿੱਤੇ, ਜਿਨ੍ਹਾਂ ਦਾ ਮਨੋਰਥ ਭਾਰਤ ਦੇ ਕਿਸਾਨਾਂ ਨੂੰ ਤਬਾਹ ਕਰਨਾ ਹੈ।

ਸੁਖਬੀਰ ਬਾਦਲ ਨੇ ਵੀ ਕੀਤਾ ਸੀ ਵਿਰੋਧ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ MSP ‘ਚ ਮਾਮੂਲੀ ਇਜ਼ਾਫੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਸੀ। ਉਹਨਾਂ ਇਸ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਮੰਗ ਕੀਤੀ ਕਿ ਪ੍ਰੋਡਕਸ਼ਨ ਦੀ ਅਸਲ ਲਾਗਤ ਨੂੰ ਧਿਆਨ ‘ਚ ਰਖਦੇ ਹੋਏ MSP ‘ਚ ਵਾਧਾ ਕੀਤਾ ਜਾਣਾ ਚਾਹੀਦਾ ਹੈ।

ਕਿਸ ਫਸਲ ‘ਤੇ ਕਿੰਨੀ MSP ਵਧੀ ਹੈ?

  • ਝੋਨਾ- 1868 ਤੋਂ 1940 ਰੁਪਏ (72 ਰੁ. ਪ੍ਰਤੀ ਕੁਇੰਟਲ ਦਾ ਇਜ਼ਾਫਾ)
  • ਬਾਜਰਾ-2250 ਰੁਪਏ ਪ੍ਰਤੀ ਕੁਇੰਟਲ
  • ਤੂਰ ਦਾਲ- 62 ਫ਼ੀਸਦ ਦਾ ਵਾਧਾ
  • ਜਵਾਰ, ਰਾਗੀ, ਕਪਾਹ ਸਾਰਿਆਂ ਦੇ ਰੇਟ ਵਧੇ ਹਨ
  • ਤਿਲ ‘ਤੇ ਪਿਛਲੇ ਸਾਲ ਦੀ ਤੁਲਨਾ ‘ਚ 452 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫਾ
  • ਅਰਹਰ ਅਤੇ ਉੜਦ ‘ਤੇ- 300 ਰੁਪਏ ਪ੍ਰਤੀ ਕੁਇੰਟਲ
  • ਮੂੰਗਫਲੀ ਤੇ ਨਾਈਜਰਸੀਡ ‘ਤੇ- 275 ਰੁਪਏ ਪ੍ਰਤੀ ਕੁਇੰਟਲ ਅਤੇ 235 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
RELATED ARTICLES

LEAVE A REPLY

Please enter your comment!
Please enter your name here

Most Popular

Recent Comments