ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਦੀ ਘੜੀ ਪੂਰੇ ਲਾਕਡਾਊਨ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਹਾਲਾਂਕਿ ਉਹਨਾਂ ਨੇ ਸਭ ਤੋਂ ਵੱਧ ਪ੍ਰਭਾਵਿਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਈਕਰੋ ਕੰਟੇਨਮੈਂਟ ਰਣਨੀਤੀ ਹੋਰ ਪੁਖਤਾ ਕਰਨ ਅਤੇ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਇਹਨਾਂ ਜ਼ਿਲ੍ਹਿਆਂ ਵਿਖੇ ਕੋਵਿਡ ਸਥਿਤੀ ਦੀ ਸਮੀਖਿਆ ਸਬੰਧੀ ਇੱਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
‘ਪ੍ਰਭਾਵਿਤ ਖੇਤਰਾਂ ‘ਚ ਹੋਟਲਾਂ ‘ਚ ਬਹਿ ਕੇ ਖਾਣ ‘ਤੇ ਹੋਵੇ ਪਾਬੰਦੀ’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਕਡਾਊਨ ਕੋਈ ਹੱਲ ਨਹੀਂ ਹੈ, ਕਿਉਂਕਿ ਇਸ ਨਾਲ ਵੱਡੀ ਪੱਧਰ ‘ਤੇ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਵੱਲ ਤੁਰ ਪੈਣਗੇ। ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਪਾਬੰਦੀਆਂ ਸਖਤੀ ਨਾਲ ਲਾਗੂ ਕੀਤੀਆਂ ਜਾਣ ਅਤੇ ਜ਼ਿਆਦਾ ਪਾਜ਼ੀਟਿਵ ਮਾਮਲਿਆਂ ਵਾਲੇ ਸਾਰੇ ਖੇਤਰਾਂ ਦੇ ਹੋਟਲਾਂ ਵਿੱਚ ਬੈਠ ਕੇ ਖਾਣ ‘ਤੇ ਰੋਕ ਲਾਈ ਜਾਵੇ। ਇਸਦੇ ਨਾਲ ਹੀ ਸਿਹਤ ਵਿਭਾਗ ਨੂੰ ਰੈਸਟੋਰੈਂਟਾਂ ਦੇ ਸਟਾਫ ਦੀ ਕੋਵਿਡ ਜਾਂਚ ਕਰਵਾਉਣ ਲਈ ਵੀ ਕਿਹਾ ਹੈ।
ਉਦਯੋਗ ਜਗਤ ਨੂੰ ਆਪਣੇ ਕਾਮਿਆਂ ਦਾ ਖਿਆਲ ਰੱਖਣ ਦੀ ਅਪੀਲ
ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਹਲਕੇ ਲੱਛਣਾਂ ਵਾਲੇ ਕਾਮਿਆਂ ਦੇ ਇਲਾਜ ਲਈ ਆਪਣੇ ਖੁਦ ਦੇ ਕੋਵਿਡ ਇਲਾਜ ਕੇਂਦਰ ਸਥਾਪਤ ਕਰਨ ਅਤੇ ਆਰਜੀ ਹਸਪਤਾਲ ਤਿਆਰ ਕਰਨ ਦੀ ਵੀ ਅਪੀਲ ਕੀਤੀ ਹੈ। ਉਹਨਾਂ ਨੇ ਮੁੱਖ ਸਕੱਤਰ ਨੂੰ ਕੋਵਿਡ ਖਿਲਾਫ ਜੰਗ ਵਿੱਚ ਸੇਵਾ ਮੁਕਤ ਡਾਕਟਰਾਂ/ਨਰਸਾਂ ਅਤੇ ਐਮ.ਬੀ.ਬੀ.ਐਸ. ਦੇ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਐਲ-2/ਐਲ-3 ਸੰਸਥਾਨਾਂ ਵਿਖੇ ਮੁੜ ਡਿਊਟੀ ‘ਤੇ ਆਉਣ ਲਈ ਹੱਲਾਸ਼ੇਰੀ ਦੇਣ ਲਈ ਕਿਹਾ ਅਤੇ ਜਿਮਨੇਜ਼ੀਅਮ/ਹਾਲਾਂ ਵਿੱਚ ਆਰਜੀ ਤੌਰ ‘ਤੇ ਸਿਹਤ ਸੰਭਾਲ ਕੇਂਦਰ ਸਥਾਪਤ ਕਰਨ ਦੀ ਸੁਝਾਅ ਦਿੱਤਾ।
ਕਾਬਿਲੇਗੌਰ ਹੈ ਕਿ ਜਿਹਨਾਂ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ‘ਚ ਕੋਵਿਡ ਦੀ ਸਮੀਖਿਆ ਲਈ ਇਹ ਮੀਟਿੰਗ ਰੱਖੀ ਗਈ ਸੀ, ਉਹਨਾਂ ‘ਚ ਲੁਧਿਆਣਾ, ਮੋਹਾਲੀ, ਜਲੰਧਰ, ਬਠਿੰਡਾ, ਪਟਿਆਲਾ ਅਤੇ ਅੰਮ੍ਰਿਤਸਰ ਸ਼ਾਮਲ ਹਨ।