ਚੰਡੀਗੜ੍ਹ। ਪੰਜਾਬ ‘ਚ ਮਾਈਨਿੰਗ ਮਾਫ਼ੀਆ ‘ਤੇ ਸ਼ਿਕੰਜਾ ਕਸਣ ਲਈ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਸੀਐੱਮ ਨੇ ਨਿਯਮ ਤੋੜਨ ਵਾਲਿਆਂ ‘ਤੇ ਕਾਰਵਾਈ ਦੇ ਆਦੇਸ਼ ਵੀ ਦਿੱਤੇ ਹਨ।
ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਚਾਹੇ ਅਧਿਕਾਰੀ ਅਤੇ ਪੁਲੀਸ ਮੁਲਾਜ਼ਮ ਹੋਵੇ, ਗੈਰ-ਕਾਨੂੰਨੀ ਖਣਨ ਕਾਰਜਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਇਸ ਨਾਲ ਕਰੜੇ ਹੱਥੀਂ ਨਿਪਟਿਆ ਜਾਣਾ ਚਾਹੀਦਾ ਹੈ। ਸੀਐੱਮ ਨੇ DGP ਅਤੇ ਇਨਫੋਰਸਮੈਂਟ ਡਾਇਰਕੈਟੋਰੇਟ (ਮਾਈਨਿੰਗ) ਨੂੰ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਸੀਐੱਮ ਸ਼ਨੀਵਾਰ ਨੂੰ ਮਾਈਨਿੰਗ ਸਬੰਧੀ ਉੱਚ ਪੱਧਰੀ ਬੈਠਕ ਲੈ ਰਹੇ ਸਨ।
ਇਸ ਦੇ ਨਾਲ ਹੀ ਸੂਬੇ ਵਿਚ ਵੱਡੇ ਪੱਧਰ ਉਤੇ ਚੱਲ ਰਹੀਆਂ ਉਸਾਰੀ ਗਤੀਵਿਧੀਆਂ ਦੇ ਮੱਦੇਨਜ਼ਰ ਰਾਤ ਦੇ ਸਮੇਂ ਦੌਰਾਨ ਰੇਤਾ ਅਤੇ ਬੱਜਰੀ ਦੀ ਨਿਰਵਿਘਨ ਆਵਾਜਾਈ ਵਿਚ ਕੋਈ ਅੜਿੱਕਾ ਨਹੀਂ ਪਾਇਆ ਜਾਣਾ ਚਾਹੀਦਾ। ਉਨ੍ਹਾਂ ਨੇ ਵਿਭਾਗ ਨੂੰ ਰੇਤਾ-ਬੱਜਰੀ ਵੀ ਵਾਜਬ ਕੀਮਤਾਂ ਉਤੇ ਮਿਲਣਾ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਮਾਈਨਿੰਗ ਨੂੰ ਰੇਤਾ-ਬੱਜਰੀ ਦੀਆਂ ਕੀਮਤਾਂ ਹੇਠਾਂ ਲਿਆਉਣ ਲਈ ਅਧਿਕਾਰਤ ਠੇਕੇਦਾਰਾਂ ਨਾਲ ਤਾਲਮੇਲ ਕਰਨ ਲਈ ਆਖਿਆ।
ਮਾਈਨਿੰਗ ਖਿਲਾਫ਼ ਐਕਸ਼ਨ ‘ਚ ED
ਏ.ਡੀ.ਜੀ.ਪੀ.-ਕਮ-ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਡਾਇਰੈਕਟਰ ਆਰ.ਐਨ. ਢੋਕੇ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਡਾਇਰੈਕਟੋਰੇਟ ਦੇ ਗਠਨ ਤੋਂ ਲੈ ਕੇ ਹੁਣ ਤੱਕ ਗੈਰ-ਕਾਨੂੰਨੀ ਰੇਤ ਮਾਈਨਿੰਗ ਦੀਆਂ ਗਤੀਵਿਧੀਆਂ ਵਿਚ ਸ਼ਾਮਲ 93 ਵਿਅਕਤੀਆਂ ਖਿਲਾਫ਼ 70 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 70 ਵਾਹਨ ਜਬਤ ਕੀਤੇ ਗਏ ਹਨ। ਗੈਰ-ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦੀ ਫੋਟੋਗ੍ਰਾਫੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕਿਸ ਹੱਦ ਤੱਕ ਖੁਦਾਈ ਕੀਤੀ ਗਈ ਅਤੇ ਇਸ ਤੋਂ ਇਲਾਵਾ ਪੰਜਾਬ ਦੀਆਂ ਅੰਤਰ-ਰਾਜੀ ਸਰਹੱਦਾਂ ਉਤੇ ਖਣਿਜਾਂ ਦੀ ਗੈਰ-ਅਧਿਕਾਰਤ ਆਵਾਜਾਈ ਨੂੰ ਬਹੁਤ ਹੱਦ ਤੱਕ ਰੋਕਿਆ ਜਾ ਚੁੱਕਾ ਹੈ।
ਜਿਕਰਯੋਗ ਹੈ ਕਿ ਹਾਲ ਹੀ ‘ਚ ਜਲ ਸਰੋਤ ਵਿਭਾਗ ਦੇ ਮਾਈਨਿੰਗ ਅਤੇ ਜੀਓਲੌਜੀ ਵਿੰਗ ਵਿਚ ਈ.ਡੀ. ਦਾ ਗਠਨ ਕੀਤਾ ਗਿਆ ਹੈ, ਤਾਂ ਕਿ ਗੈਰ-ਕਾਨੂੰਨੀ ਖਣਨ ਵਿਰੁੱਧ ਬਣੇ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਸਕੇ,, ਜਿਸ ਨਾਲ ਸੂਬੇ ਦਾ ਮਾਲੀਆ ਵਧਾਉਣ ਵਿਚ ਵੀ ਮਦਦ ਮਿਲੇਗੀ।