Home Corona ਰੋਜ਼ਾਨਾ ਆਧਾਰ ਤੇ ਸਥਿਤੀ ਦੀ ਨਿਗਰਾਨੀ ਕਰਨਗੇ ਮੁੱਖ ਮੰਤਰੀ, ਕੈਪਟਨ ਵੱਲੋਂ ਲਿਆ...

ਰੋਜ਼ਾਨਾ ਆਧਾਰ ਤੇ ਸਥਿਤੀ ਦੀ ਨਿਗਰਾਨੀ ਕਰਨਗੇ ਮੁੱਖ ਮੰਤਰੀ, ਕੈਪਟਨ ਵੱਲੋਂ ਲਿਆ ਗਿਆ ਕਰੋਨਾ ਨਾਲ ਨਿਪਟਣ ਲਈ ਤਿਆਰੀਆਂ ਦਾ ਜਾਇਜ਼ਾ,

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਤਰਨਾਕ ਰੋਗ ਕਰੋਨਾਵਾਇਰਸ (ਕੋਵਿਡ-19) ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਲਮੀ ਪੱਧਰ ‘ਤੇ ਫੈਲੇ ਇਸ ਵਾਇਰਸ ਨਾਲ ਪੈਦਾ ਹੋਈ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਦਾ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹਤਿਆਤ ਵਜੋਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਰੋਜ਼ਾਨਾ ਆਧਾਰ ‘ਤੇ ਸਥਿਤੀ ਦੀ ਨਿਗਰਾਨੀ ਕਰਨ ਦਾ ਵੀ ਫੈਸਲਾ ਲਿਆ।

punjab cm meeting

ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਸ ਵਾਇਰਸ ਨਾਲ ਨਜਿੱਠਣ ਲਈ ਜੀਅ-ਜਾਨ ਨਾਲ ਜੁਟ ਦੇ ਹੁਕਮ ਦਿੱਤੇ। ਇਸ ਮੰਤਵ ਲਈ ਚਾਰ ਸੀਨੀਅਰ ਡਾਕਟਰਾਂ ‘ਤੇ ਅਧਾਰਿਤ ਸਟੇਟ ਰੈਪਿਡ ਰਿਸਪਾਂਸ ਟੀਮ ਦਾ ਗਠਨ ਕੀਤਾ ਗਿਆ ਹੈ। ਹਰੇਕ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਰਿਸਪਾਂਸ ਟੀਮਾਂ 24 ਘੰਟੇ ਚੌਕਸ ਰਹਿਣਗੀਆਂ। ਇਸ ਤੋਂ ਇਲਾਵਾ ਹੈੱਡਕੁਆਰਟਰ ਵਿਖੇ ਸੂਬਾ ਪੱਧਰੀ ਕੰਟਰੋਲ ਰੂਮ (ਫੋਨ ਨੰਬਰ 88720-90029/0172-2920074) ਵੀ ਸਥਾਪਤ ਕੀਤਾ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਸ਼ਿਕਾਇਤ/ਸੰਕਟ ਆਉਣ ‘ਤੇ ਫੌਰੀ ਕਾਰਵਾਈ ਕੀਤੀ ਜਾ ਸਕੇ।

ed
ਕੋਵਿਡ-19 ਨਾਲ ਪੈਦਾ ਹੋਣ ਵਾਲੇ ਕਿਸੇ ਤਰ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਇਸ ਦੇ ਲੱਛਣਾਂ ਅਤੇ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਤੁਰੰਤ ਐਡਵਾਈਜ਼ਰੀ (ਸਲਾਹਕਾਰੀ) ਜਾਰੀ ਕਰਨ ਦੇ ਆਦੇਸ਼ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਦੀ ਸਹਾਇਤਾ ਕਰਨ ਵਾਸਤੇ ਸਬੰਧਤ ਫੀਲਡ ਸਟਾਫ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਰੋਕਣ ਅਤੇ ਭਰੋਸਾ ਪੈਦਾ ਕਰਨ ਲਈ ਸਰਗਰਮੀ ਨਾਲ ਕਦਮ ਚੁੱਕਣੇ ਚਾਹੀਦੇ ਹਨ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ ਕੁੱਲ 5795 ਅਜਿਹੇ ਵਿਅਕਤੀ ਹਨ ਜਿਨ੍ਹਾਂ ਨੇ ਪ੍ਰਭਾਵਿਤ ਮੁਲਕਾਂ ਦਾ ਸਫ਼ਰ ਕਰਨ ਵੇਰਵੇ ਹਨ। ਵੀਰਵਾਰ ਤੱਕ 13 ਵਿਅਕਤੀਆਂ ਵਿੱਚ ਕੋਵਿਡ-19 ਦੇ ਲੱਛਣ ਹੋਣ ਦਾ ਪਤਾ ਲੱਗਾ ਹੈ। ਸਿੱਧੂ ਨੇ ਕਿਹਾ ਕਿ ਹਾਲਾਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਕਿਸੇ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਲੋਕਾਂ ਨੂੰ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ।

ਕਰੋਨਾਵਾਇਰਸ ਨਾਲ ਨਿਪਟਣ ਲਈ ਕੀਤੀਆਂ ਤਿਆਰੀਆਂ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬਾਈ ਨੋਡਲ ਅਫਸਰ ਨੂੰ ਨਿਗਰਾਨ ਅਫਸਰ ਵਜੋਂ ਮਨੋਨੀਤ ਕੀਤਾ ਗਿਆ ਹੈ ਅਤੇ ਸਥਿਤੀ ਨੂੰ ਸੰਭਾਲਣ ਲਈ ਜ਼ਿਲ੍ਹਾ ਨੋਡਲ ਅਫਸਰ ਵੀ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 22 ਜ਼ਿਲ੍ਹਾ ਹਸਪਤਾਲਾਂ ਅਤੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਵਿੱਚ 649 ਬਿਸਤਰਿਆਂ ਦੇ ਵੱਖਰੇ ਵਾਰਡ (ਆਈਸੋਲੇਟਿਡ ਵਾਰਡ) ਬਣਾਏ ਗਏ ਹਨ। ਇਨ੍ਹਾਂ ਹਸਪਤਾਲਾਂ ਵਿੱਚ 24 ਵੈਂਟੀਲੇਟਰਾਂ ਦਾ ਵੀ ਬੰਦੋਬਸਤ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿੱਚ ਜ਼ਿਲ੍ਹਾ ਹਸਪਤਾਲਾਂ ਵਿੱਚ 14 ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 10 ਵੈਂਟੀਲੇਟਰ ਸ਼ਾਮਲ ਹਨ।

ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਸਰ ਅਤੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਮੁਸਾਫਰਾਂ ਦੀ ਜਾਣਕਾਰੀ ਲਈ ਹਵਾਈ ਅੱਡਿਆਂ ‘ਤੇ ਸਲਾਹ ਜਾਰੀ ਕਰਨ ਤੋਂ ਇਲਾਵਾ ਸੂਚਨਾ, ਸਿੱਖਿਆ ਤੇ ਸੰਚਾਰ ਸਮੱਗਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਹਵਾਈ ਅੱਡਿਆਂ ‘ਤੇ ਥਰਮਲ ਸਕੈਨਰਾਂ ਲਾਏ ਜਾ ਚੁੱਕੇ ਹਨ ਅਤੇ ਵਿਅਕਤੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਪੈਰਾ ਮੈਡੀਕਲ ਸਟਾਫ ਸਮੇਤ ਮੈਡੀਕਲ ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਮੁਸਾਫਰਾਂ ਨੂੰ ਸਵੈ-ਘੋਸ਼ਣਾ ਜਾਣਕਾਰੀ ਦੇਣ ਲਈ ਐਲਾਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਵਾਹਗਾ/ਅਟਾਰੀ ਬਾਰਡਰ ਚੈੱਕ ਪੋਸਟ ਅਤੇ ਗੁਰਦਾਸਪੁਰ ਵਿਖੇ ਡੇਰਾ ਬਾਬਾ ਨਾਨਕ ਚੈੱਕ ਪੋਸਟ ‘ਤੇ ਮੁਸਾਫਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਚੈੱਕ ਪੋਸਟਾਂ ‘ਤੇ  ਮੁਸਾਫਰਾਂ ਦੀ ਜਾਂਚ ਲਈ ਸੰਪਰਕ ਰਹਿਤ (ਨਾਨ-ਕੰਟੈਕਟ) ਥਰਮੋਮੀਟਰ ਵੀ ਮੁਹੱਈਆ ਕਰਵਾਏ ਗਏ ਹਨ ਅਤੇ ਇਸ ਤੋਂ ਇਲਾਵਾ ਸੂਚਨਾ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਉਪਰੋਕਤ ਹਵਾਈ ਅੱਡਿਆਂ/ਬਾਰਡਰ ਚੈੱਕ ਪੋਸਟਾਂ ‘ਤੇ ਹੁਣ ਤੱਕ 70106 ਮੁਸਾਫਰਾਂ ਦੀ ਜਾਂਚ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ 47671 ਮੁਸਾਫਰ, ਮੋਹਾਲੀ ਹਵਾਈ ਅੱਡੇ ‘ਤੇ 4943, ਵਾਹਗਾ/ਅਟਾਰੀ ਚੈੱਕ ਪੋਸਟ ‘ਤੇ 5401 ਅਤੇ ਡੇਰਾ ਬਾਬਾ ਨਾਨਕ ਚੈੱਕ ਪੋਸਟ ‘ਤੇ 12091 ਮੁਸਾਫਰਾਂ ਦੀ ਜਾਂਚ ਕੀਤੀ ਗਈ ਹੈ। ਸੂਬਾਈ ਹੈੱਡਕੁਆਰਟਰ ਤੋਂ ਕੇਂਦਰੀ ਨਿਗਰਾਨ ਯੂਨਿਟ, ਆਈ.ਡੀ.ਐਸ.ਪੀ. ਦਿੱਲੀ ਨੂੰ ਹਰ ਰੋਜ਼ ਰਿਪੋਰਟ ਭੇਜੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments