ਚੰਡੀਗੜ੍ਹ, 18 ਜੂਨ
ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।