ਚੰਡੀਗੜ੍ਹ। ਬੇਅਦਬੀ ਦੇ ਮੁੱਦੇ ‘ਤੇ ਪਿਛਲੇ ਕੁਝ ਦਿਨਾਂ ਤੋਂ ਸੂਬੇ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ, ਪਰ ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੀ ਗਈ ਆਰਡਰ ਦੀ ਕਾਪੀ ਤੋਂ ਬਾਅਦ ਇਹ ਸਿਆਸੀ ਪਾਰਾ ਸਿਖਰਾਂ ‘ਤੇ ਪਹੁੰਚ ਗਿਆ ਹੈ। ਵਿਰੋਧੀ ਲਗਾਤਾਰ ਇਸ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ ਤੇ ਹੁਣ ਇੱਕ ਵਾਰ ਫਿਰ ਅਕਾਲੀ ਦਲ ਨੇ ਸੀਐੱਮ ਕੈਪਟਨ ‘ਤੇ ਹਮਲਾ ਬੋਲਿਆ ਹੈ।
‘CM ਕੈਪਟਨ ਦੇਣ ਅਸਤੀਫ਼ਾ’
ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਅਤੇ ਦਲਜੀਤ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਕਰ ਸੀਐੱਮ ਕੈਪਟਨ ‘ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਬੇਨਕਾਬ ਕਰ ਦਿੱਤਾ ਹੈ। ਉਹਨਾਂ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਨੇ ਮੀਟਿੰਗਾਂ ਕਰਕੇ ਕਾਂਗਰਸ ਅਤੇ ‘ਆਪ’ ਦੇ ਇਸ ਸਿਆਸੀ ਏਜੰਡੇ ਨੂੰ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਸੁਖਜਿੰਦਰ ਰੰਧਾਵਾ ਨਾਲ ਮਿਲ ਕੇ ਸਿਰੇ ਚੜ੍ਹਾਇਆ, ਇਸ ਲਈ ਉਹਨਾਂ ਨੂੰ ਹੁਣ ਅਹੁਦੇ ‘ਤੇ ਰਹਿਣ ਦਾ ਕੋਈ ਹੱਕ ਨਹੀਂ। ਉਹਨਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
‘ਕੁੰਵਰ ਵਿਜੇ ਪ੍ਰਤਾਪ ‘ਤੇ ਹੋਵੇ ਕੇਸ’
ਅਕਾਲੀ ਆਗੂਆਂ ਨੇ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਮਗਰੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਿੱਧੀ ਫ਼ੌਜਦਾਰੀ ਸਾਜ਼ਿਸ਼ ਸਿੱਧ ਹੋ ਗਈ ਹੈ। ਇਸ ਲਈ ਦਾਗੀ ਕੁੰਵਰ ਵਿਜੇ ਪ੍ਰਤਾਪ ਨੂੰ ਚਾਰਜਸ਼ੀਟ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਫ਼ੌਜਦਾਰੀ ਕੇਸ ਦਰਜ ਕਰਕੇ ਉਹਨਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤੇ ਉਹਨਾਂ ਦੇ ਗੁਨਾਹਾਂ ਲਈ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ:- https://punjab.newsdateline.com/punjab-haryana-high-court-releases-order-copy-of-judgement-regarding-kotkapura-firing-case/
ਜਾਂਚ ‘ਚ ਤੇਜ਼ੀ ਲਿਆਉਣ ਦੀ ਮੰਗ
ਅਕਾਲੀ ਦਲ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਤੇਜ਼ ਰਫ਼ਤਾਰ ਜਾਂਚ ਕੀਤੀ ਜਾਵੇ ਅਤੇ ਕਿਹਾ ਕਿ ਇਹਨਾਂ ਕੇਸਾਂ ‘ਚ ਚਲਾਨ ਤੁਰੰਤ ਦਾਇਰ ਹੋਣੇ ਚਾਹੀਦੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਅਸਲ ਦੋਸ਼ੀਆਂ ਨੂੰ ਫੜਨ ਦੀ ਥਾਂ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ‘ਚ 4 ਸਾਲ ਬਰਬਾਦ ਕਰ ਦਿੱਤੇ, ਪਰ ਹਾਈਕੋਰਟ ਦੇ ਫ਼ੈਸਲੇ ਨੇ ਅਕਾਲੀ ਦਲ ਨੂੰ ਫਸਾਉਣ ਦੇ ਸਾਰੇ ਇਰਾਦੇ ਬੇਨਕਾਬ ਕਰ ਦਿੱਤੇ ਹਨ।