Home Punjab SGPC ਦੀ ਕੇਂਦਰ ਤੋਂ ਮੰਗ...ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਵੀਰ ਬਾਲ ਦਿਵਸ'...

SGPC ਦੀ ਕੇਂਦਰ ਤੋਂ ਮੰਗ…ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਨਹੀਂ, ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਵੇ

November 22, 2022
(Amritsar)

ਅਗਲੇ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ, ਜਿਸ ਨੂੰ ਕੇਂਦਰ ਸਰਕਾਰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕਰ ਚੁੱਕੀ ਹੈ। ਹਾਲਾਂਕਿ ਸਿੱਖਾਂ ਦੀ ਪਾਰਲੀਮੈਂਟ ਕਹੀ ਜਾਣ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਇਸ ‘ਤੇ ਇਤਰਾਜ਼ ਹੈ। SGPC ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਨਹੀਂ, ਬਲਕਿ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਵੇ। SGPC ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਚੋਣ ਮਗਰੋਂ ਹੋਈ ਪਲੇਠੀ ਮੀਟਿੰਗ ਵਿੱਚ ਇਸ ਬਾਰੇ ਚਰਚਾ ਕੀਤੀ ਗਈ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਕਿਹਾ ਕਿ ਉਹ ਆਪਣੇ ਤੌਰ ’ਤੇ ਵੀ ਇਸੇ ਭਾਵਨਾ ਅਨੁਸਾਰ ਹੀ ਸਮਾਗਮ ਉਲੀਕਣ, ਨਾ ਕਿ ‘ਵੀਰ ਬਾਲ ਦਿਵਸ’ ਵਜੋਂ।

ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਮੁਹਿੰਮ

ਐਡਵੋਕੇਟ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਵੀ ਫੈਸਲਾ ਕੀਤਾ ਗਿਆ। ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ।

ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ। ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫਾਰਮੇ ਭਰੇ ਜਾਣਗੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨਾਂ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜੀਟਲ ਰੂਪ ਵਿਚ ਸੰਭਾਲਣ ਦਾ ਕਾਰਜ ਵੀ ਕੀਤਾ ਜਾਵੇਗਾ।

ਹਰ ਸਤਿਕਾਰਤ ਸ਼ਖਸੀਅਤ ਨੂੰ ਨਹੀਂ ਮਿਲੇਗਾ ਸਿਰੋਪਾਓ !

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।

24 ਘੰਟੇ ਵਾਲਾ ਯੂ-ਟਿਊਬ ਚੈਨਲ ਵੀ ਚਲਾਏਗੀ SGPC

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜੀ ਲੇਬਰ ਹੀ ਲਗਾਈ ਜਾ ਸਕੇਗੀ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments