ਬਿਓਰੋ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਇਸ ਸਾਲ 127 ਸ਼ਰਧਾਲੂਆਂ ਨੇ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਜਾਣਾ ਸੀ, ਪਰ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਪਾਕਿਸਤਾਨ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।
SGPC ਪ੍ਰਧਾਨ ਜਗੀਰ ਕੌਰ ਵੱਲੋਂ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਕਰਨਾ ਹੀ ਸੀ, ਤਾਂ ਵੀਜ਼ਾ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਇਸਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ। ਜਗੀਰ ਕੌਰ ਨੇ ਕਿਹਾ, “ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫ਼ੈਸਲੇ ਲੈ ਰਹੀਆਂ ਹਨ, ਜਦਕਿ ਸਰਕਾਰਾਂ ਨੂੰ ਸੰਗਤ ਦੀ ਭਾਵਨਾ ਦੀ ਕਦਰ ਕਰਨੀ ਚਾਹੀਦੀ ਹੈ।”
ਪਹਿਲਾਂ ਵੀ ਇਨਕਾਰ ਕਰ ਚੁੱਕਿਆ ਪਾਕਿਸਤਾਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਸੀ। ਉਸ ਵੇਲੇ ਵੀ ਪਾਕਿਸਤਾਨ ਨੇ ਕੋਰੋਨਾ ਦਾ ਹਵਾਲਾ ਦੇ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ ਸੀ। ਇਹ ਲਗਾਤਾਰ ਦੂਜੀ ਵਾਰ ਹੈ, ਜਦੋਂ ਪਾਕਿਸਤਾਨ ਸਰਕਾਰ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਐਂਟਰੀ ਦੇਣ ਤੋਂ ਇਨਕਾਰ ਕੀਤਾ ਹੈ।