ਬਿਓਰੋ। ਕੋਟਕਪੂਰਾ ਫ਼ਾਇਰਿੰਗ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਹੁਣ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸੁਖਬੀਰ ਬਾਦਲ ਨੂੰ 26 ਜੂਨ ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਮਿਨੀ ਪੁਲਿਸ ਹੈੱਡਕੁਆਰਟਰ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ।
ਕਿਉਂ ਅਹਿਮ ਹੈ ਸੁਖਬੀਰ ਤੋਂ ਪੁੱਛਗਿੱਛ ?
ਦਰਅਸਲ, ਜਿਸ ਵੇਲੇ ਬਹਿਬਲ ਕਲਾਂ ਅਤੇ ਕੋਟਕਪੂਰਾ ‘ਚ ਪੁਲਿਸ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਬਲ ਪ੍ਰਯੋਗ ਕੀਤਾ ਗਿਆ, ਉਸ ਵੇਲੇ ਅਕਾਲੀ ਦਲ-ਬੀਜੇਪੀ ਦੀ ਸਰਕਾਰ ‘ਚ ਸੁਖਬੀਰ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਕਿਉਂਕਿ ਸੂਬੇ ਦੀ ਕਾਨੂੰਨ-ਵਿਵਸਥਾ ਗ੍ਰਹਿ ਮੰਤਰੀ ਦਾ ਜ਼ਿੰਮਾ ਹੁੰਦਾ ਹੈ, ਇਸ ਲਈ ਸੁਖਬੀਰ ਬਾਦਲ ਦੀ ਭੂਮਿਕਾ ਇਸ ‘ਚ ਅਹਿਮ ਹੋ ਜਾਂਦੀ ਹੈ। ਮਾਮਲੇ ਦੀ ਜਾਂਚ ਲਈ ਪਹਿਲਾਂ ਬਣਾਈ ਗਈ ਪ੍ਰਬੋਧ ਕੁਮਾਰ ਵਾਲੀ SIT ਵੀ ਸੁਖਬੀਰ ਬਾਦਲ ਤੋਂ ਇਸ ਮਾਮਲੇ ‘ਚ ਪੁੱਛ-ਪੜਤਾਲ ਕਰ ਚੁੱਕੀ ਹੈ।
ਸੀਨੀਅਰ ਬਾਦਲ ਤੋਂ ਹੋ ਚੁੱਕੀ ਹੈ ਪੁੱਛਗਿੱਛ
ਇਸ ਤੋਂ ਪਹਿਲਾਂ SIT ਵੱਲੋਂ ਮੰਗਲਵਾਰ ਨੂੰ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਸੀ। ਸੀਨੀਅਰ ਬਾਦਲ ਤੋਂ SIT ਦੇ ਅਧਿਕਾਰੀਆਂ ਨੇ ਕਰੀਬ 3 ਘੰਟੇ ਤੱਕ ਸਵਾਲ-ਜਵਾਬ ਕੀਤੇ ਸਨ। ਹਾਲਾਂਕਿ ਪੁੱਛਗਿੱਛ ਲਈ ਬਾਦਲ ਦੀ ਰਿਹਾਇਸ਼ ‘ਤੇ ਪਹੁੰਚੇ ਇੱਕ ਰਿਟਾਇਰਡ ਅਫ਼ਸਰ ‘ਤੇ ਅਕਾਲੀ ਦਲ ਨੇ ਸਵਾਲ ਚੁੱਕੇ ਸਨ। ਅਕਾਲੀ ਦਲ ਨੇ ਸੂਬੇ ਦੀ ਕਾਂਗਰਸ ਸਰਕਾਰ ‘ਤੇ SIT ਜਾਂਚ ਦਾ ਸਿਆਸੀਕਰਨ ਕੀਤੇ ਜਾਣ ਦੇ ਇਲਜ਼ਾਮ ਲਾਏ ਸਨ।