Home Corona ਸਕੂਲੀ ਬੱਚਿਆਂ ਨੂੰ ਘਰ-ਘਰ ਵਰਦੀ ਪਹੁੰਚਾਏਗੀ ਪੰਜਾਬ ਸਰਕਾਰ

ਸਕੂਲੀ ਬੱਚਿਆਂ ਨੂੰ ਘਰ-ਘਰ ਵਰਦੀ ਪਹੁੰਚਾਏਗੀ ਪੰਜਾਬ ਸਰਕਾਰ

ਚੰਡੀਗੜ੍ਹ। ਅਕਾਦਮਿਕ ਸੈਸ਼ਨ 2021-22 ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ। ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਇਸਦੇ ਲਈ 80.92 ਕਰੋੜ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ ਜਾਣਗੇ।

‘ਨਾਪ ਦੇਣ ਲਈ ਸਕੂਲ ਨਹੀਂ ਸੱਦੇ ਜਾਣਗੇ ਵਿਦਿਆਰਥੀ’

ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ, ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ।

ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।

ਕੁਆਲਟੀ ਨਾਲ ਕੋਈ ਸਮਝੌਤਾ ਨਹੀਂ- ਸਿੰਗਲਾ

ਸਿੰਗਲਾ ਨੇ ਕਿਹਾ ਕਿ ਵਧੀਆ ਕੁਆਲਟੀ ਦੀ ਵਰਦੀ ਖਰੀਦਣ ਲਈ ਮਾਪਦੰਡ ਪਹਿਲਾਂ ਹੀ ਨਿਰਧਾਰਤ ਕਰ ਲਏ ਗਏ ਹਨ ਅਤੇ ਵਰਦੀਆਂ ਦੀ ਖ਼ਰੀਦ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ ਅਤੇ ਨਾ ਹੀ ਉਹ ਕਿਸੇ ਵੀ ਐਸ.ਐਮ.ਸੀ ਨੂੰ ਕਿਸੇ ਵਿਸ਼ੇਸ਼ ਵਿਕਰੇਤਾ ਜਾਂ ਦੁਕਾਨ ਤੋਂ ਵਰਦੀ ਦੀ ਖਰੀਦ ਲਈ ਕੋਈ ਜੁਬਾਨੀ ਜਾਂ ਲਿਖਤੀ ਨਿਰਦੇਸ਼ ਜਾਰੀ ਕਰਨਗੇ।

ਮੰਤਰੀ ਨੇ ਕਿਹਾ “ਜੇਕਰ ਕੋਈ ਅਧਿਕਾਰੀ ਖਰੀਦ ਪ੍ਰਕਿਰਿਆ ਵਿੱਚ ਦਖਲਅੰਦਾਜੀ ਕਰਦਾ ਪਾਇਆ ਗਿਆ ਤਾਂ ਦੋਸ਼ੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੜਕਿਆਂ ਨੂੰ ਸ਼ਰਟ, ਪੈਂਟ, ਪਟਕਾ ਜਾਂ ਟੋਪੀ, ਸਵੈਟਰ, ਜੁਰਾਬਾਂ ਅਤੇ ਜੁੱਤੇ ਦਿੱਤੇ ਜਾਣਗੇ ਅਤੇ ਵਿਦਿਆਰਥਣਾਂ ਨੂੰ ਸ਼ਰਟ-ਪੈਂਟ ਜਾਂ ਸਲਵਾਰ-ਕਮੀਜ਼, ਸਵੈਟਰ, ਜੁੱਤੇ ਅਤੇ ਜੁਰਾਬਾਂ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪ੍ਰਾਇਮਰੀ ਕਲਾਸਾਂ ਦੀਆਂ ਵਿਦਿਆਰਥਣਾਂ ਲਈ ਪੈਂਟ- ਕਮੀਜ਼ ਵਿਕਲਪਿਕ ਹਨ, ਜਦਕਿ ਅੱਪਰ-ਪ੍ਰਾਇਮਰੀ ਕਲਾਸਾਂ ਦੀਆਂ ਕੁੜੀਆਂ ਲਈ ਸਲਵਾਰ-ਕਮੀਜ਼ ਮੁਫਤ ਵਰਦੀ ਦੇ ਹਿੱਸੇ ਵਜੋਂ ਲਾਜ਼ਮੀ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments