December 22, 2022
(Mansa)
ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਮਾਨਸਾ ਪੁਲਿਸ ਨੇ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸ ਚਾਰਜਸ਼ੀਟ ਵਿੱਚ 7 ਹੋਰ ਮੁਲਜ਼ਮਾਂ ਦਾ ਨਾਂਅ ਹੈ। ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਬਿੱਟੂ ਸਿੰਘ, ਮਨਪ੍ਰੀਤ ਤੂਫਾਨ, ਮਣੀ ਰਈਆ ਅਤੇ ਜਗਤਾਰ ਸਿੰਘ ਮੂਸਾ ਨੂੰ ਮੁਲਜ਼ਮ ਬਣਾਇਆ ਗਿਆ ਹੈ। ਇਹ ਸਾਰੇ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ।
ਇਸ ਤੋਂ ਪਹਿਲਾਂ ਪੁਲਿਸ ਨੇ 26 ਅਗਸਤ ਨੂੰ 1850 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਕੁੱਲ 24 ਮੁਲਜ਼ਮਾਂ ਦੇ ਨਾਂਅ ਸਨ, ਜਿਹਨਾਂ ਵਿੱਚ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਵਿੱਚ ਬੈਠੇ 4 ਗੈਂਗਸਟਰ ਗੋਲਡੀ ਬਰਾੜ, ਲਿਪਿਨ ਨਹਿਰਾ, ਸਚਿਨ ਥਾਪਰ ਅਤੇ ਅਨਮੋਲ ਦੇ ਨਾਂਅ ਸਨ।
ਗੋਲਡੀ ਬਰਾੜ ਅਜੇ ਵੀ ਗ੍ਰਿਫ਼ਤ ਤੋਂ ਬਾਹਰ
ਇਸ ਮਾਮਲੇ ਵਿੱਚ ਹੁਣ ਤੱਕ 31 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਹਨਾਂ ਵਿੱਚੋਂ 27 ਪੁਲਿਸ ਦੀ ਗ੍ਰਿਫ਼ਤ ਵਿੱਚ ਹਨ। ਬਾਕੀ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ, ਅਨਮੋਲ ਬਿਸ਼ਨੋਈ, ਸਚਿਨ ਥਾਪਨ ਅਤੇ ਲਿਪਿਨ ਨਹਿਰਾ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪਿਛਲੇ ਦਿਨੀਂ ਸੀਐੱਮ ਭਗਵੰਤ ਮਾਨ ਨੇ ਗੋਲਡੀ ਬਰਾੜ ਨੂੰ ਵਿਦੇਸ਼ ਵਿੱਚ ਡਿਟੇਨ ਕੀਤੇ ਜਾਣ ਦਾ ਦਾਅਵਾ ਕੀਤਾ ਸੀ, ਪਰ ਬਾਅਦ ਵਿੱਚ ਸੀਐੱਮ ਨੇ ਇਸ ‘ਤੇ ਚੁੱਪ ਧਾਰ ਲਈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।