Home Election ਕੈਪਟਨ ਦਾ 'ਮੁਸਲਿਮ ਕਾਰਡ' ਯੂਪੀ ਦੇ CM ਨੂੰ ਨਹੀਂ ਆਇਆ ਰਾਸ !

ਕੈਪਟਨ ਦਾ ‘ਮੁਸਲਿਮ ਕਾਰਡ’ ਯੂਪੀ ਦੇ CM ਨੂੰ ਨਹੀਂ ਆਇਆ ਰਾਸ !

ਬਿਓਰੋ। ਪੰਜਾਬ ਦੇ ਮੁਸਲਿਮ ਬਹੁਲ ਇਲਾਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ‘ਤੇ ਉਸ ਵੇਲੇ ਸਿਆਸਤ ਖੂਬ ਭਖ ਗਈ, ਜਦੋਂ ਉੱਤਰ ਪ੍ਰਦੇਸ਼ ਦੇ ਸੀਐੱਮ ਯੋਗੀ ਆਦਿਤਿਆਨਾਥ ਨੇ ਇਸ ਫ਼ੈਸਲੇ ਨੂੰ ਧਰਮ ਅਤੇ ਜਾਤੀ ਦੇ ਅਧਾਰ ‘ਤੇ ਲਿਆ ਫ਼ੈਸਲਾ ਕਰਾਰ ਦਿੱਤਾ। ਉਹਨਾਂ ਟਵੀਟ ਕਰਕੇ ਕਾਂਗਰਸ ‘ਤੇ ਦੇਸ਼ ਨੁੂੰ ਵੰਡਣ ਦਾ ਇਲਜ਼ਾਮ ਲਗਾ ਦਿੱਤਾ।

ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਯੋਗੀ- ਕੈਪਟਨ

ਯੋਗੀ ਆਦਿਤਿਆਨਾਥ ਦੇ ਇਸ ਟਵੀਟ ਨੂੰ ਲੈ ਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਹਮਲਾ ਬੋਲਿਆ ਅਤੇ ਇਸ ਨੂੰ ਸ਼ਾਂਤਮਈ ਸੂਬੇ ‘ਚ ਫਿਰਕੂ ਬਖੇੜਾ ਖੜ੍ਹਾ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਉਹਨਾਂ ਯੋਗੀ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ, “ਪੰਜਾਬ ਵਿੱਚ ਉਤਰ ਪ੍ਰਦੇਸ਼ ਦੀ ਬੀਜੇਪੀ ਦੀ ਵੰਡ-ਪਾਊ ਤੇ ਵਿਨਾਸ਼ਕਾਰੀ ਸਰਕਾਰ ਨਾਲੋਂ ਕਿਤੇ ਵਧੀਆ ਮਾਹੌਲ ਹੈ, ਜਦੋਂ ਕਿ ਉਤਰ ਪ੍ਰਦੇਸ਼ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਬੀਜੇਪੀ ਸਰਕਾਰ ਨੇ ਫਿਰਕੂ ਵਿਵਾਦਾਂ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਹੈ।”

ਚੋਣਾਂ ਤੋਂ ਪਹਿਲਾਂ ਬਦਅਮਨੀ ਫੈਲਾਉਣ ਦੀ ਸਾਜ਼ਿਸ਼- CM

ਮੁੱਖ ਮੰਤਰੀ ਨੇ ਪੁੱਛਿਆ, ”ਉਹ (ਯੋਗੀ ਅਦਿਤਿਆਨਾਥ) ਕੀ ਜਾਣਦਾ ਹੈ ਪੰਜਾਬ ਦੇ ਸਿਧਾਂਤਾਂ ਜਾਂ ਮਲੇਰਕੋਟਲਾ ਦੇ ਇਤਿਹਾਸ ਬਾਰੇ, ਜਿਸ ਦਾ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਨਾਲ ਰਿਸ਼ਤਾ ਹਰੇਕ ਪੰਜਾਬੀ ਜਾਣਦਾ ਹੈ। ਅਤੇ ਉਹ ਭਾਰਤੀ ਸੰਵਿਧਾਨ ਨੂੰ ਕੀ ਸਮਝਦਾ ਹੈ, ਜਿਹੜਾ ਕਿ ਉਤਰ ਪ੍ਰਦੇਸ਼ ਵਿੱਚ ਉਸ ਦੀ ਹੀ ਸਰਕਾਰ ਵੱਲੋਂ ਰੋਜ਼ ਹੀ ਬੇਰਹਿਮੀ ਨਾਲ ਕੁਚਲਿਆ ਜਾਂਦਾ ਹੈ।” ਉਨ੍ਹਾਂ ਨੇ ਇਸ ਨੂੰ ਬੀਜੇਪੀ ਦੇ ਪੱਖ ਤੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਦਅਮਨੀ ਫੈਲਾਉਣ ਦੀ ਸਾਜਿਸ਼ ਕਰਾਰ ਦਿੱਤਾ, ਜਿਨ੍ਹਾਂ ਵਿੱਚ ਸਿਰਫ ਕੁਝ ਮਹੀਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਪਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੇ ਆਪਣੇ ਰਾਜ ਵੀ ਉਸੇ ਸਮੇਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਜੋ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਦੇ ਨਤੀਜੇ ਕੋਈ ਸੰਕੇਤ ਦਿੰਦੇ ਹਨ ਤਾਂ ਇੱਥੇ ਭਾਜਪਾ ਦੇ ਸਿਆਸੀ ਹਾਲਾਤ ਹੈਰਾਨ ਕਰਨ ਵਾਲੇ ਹਨ।

ਲੋਕਾਂ ਦੀ ਜਾਨ ਬਚਾਉਣ ‘ਤੇ ਧਿਆਨ ਦੇਣ ਯੋਗੀ- ਕੈਪਟਨ

ਯੋਗੀ ਅਦਿੱਤਿਆਨਾਥ ਨੂੰ ਆਪਣਾ ਧਿਆਨ ਖੁਦ ਦੇ ਸੂਬੇ ਨੂੰ ਬਚਾਉਣ ‘ਤੇ ਲਗਾਉਣਾ ਚਾਹੀਦਾ ਹੈ ਜਿਥੇ ਕੋਵਿਡ ਦੇ ਹਾਲਾਤ ਸਪੱਸ਼ਟ ਤੌਰ ‘ਤੇ ਕਾਬੂ ਤੋਂ ਬਾਹਰ ਹਨ ਜਿੱਥੇ ਮਹਾਂਮਾਰੀ ਤੋਂ ਪੀੜਤ ਲੋਕਾਂ ਦੀਆਂ ਲਾਸ਼ਾਂ ਨਦੀਆਂ ਵਿੱਚ ਸੁੱਟੀਆਂ ਮਿਲ ਰਹੀਆਂ ਹਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਮਾਣ ਸਤਿਕਾਰ ਨਾਲ ਅੰਤਿਮ ਸਸਕਾਰ/ਦਫ਼ਨਾਉਣ ਦੀਆਂ ਰਸਮਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਇਕ ਮੁੱਖ ਮੰਤਰੀ ਜਿਹੜਾ ਆਪਣੇ ਸੂਬੇ ਦੇ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਵੀ ਨਹੀਂ ਕਰ ਸਕਦਾ ਜਿੱਥੇ ਉਨ੍ਹਾਂ ਨਾਲ ਅਜਿਹੇ ਸ਼ਰਮਨਾਕ ਵਤੀਰੇ ਅਤੇ ਅਪਮਾਨ ਨਾਲ ਪੇਸ਼ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ, ਤਾਂ ਅਜਿਹੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।”

ਸਰਕਾਰ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ ਦਾ ਸਾਥ

ਓਧਰ ਇਸ ਮਾਮਲੇ ‘ਚ ਕਾਂਗਰਸ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਵੀ ਮਿਲਦਾ ਨਜ਼ਰ ਆ ਰਿਹਾ ਹੈ। ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਨੇ ਯੋਗੀ ‘ਤੇ ਜਾਣਬੁੱਝ ਕੇ ਇਸ ਮਾਮਲੇ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਦਾ ਇਲਜ਼ਾਮ ਲਗਾਇਆ। ਉਹਨਾਂ ਯੂਪੀ ਦੇ ਸੀਐੱਮ ਨੂੰ ਮਲੇਰਕੋਟਲਾ ਦਾ ਇਤਿਹਾਸ ਪੜ੍ਹਨ ਦੀ ਨਸੀਹਤ ਦੇ ਦਿੱਤੀ। ਨਾਲ ਹੀ ਦੋ-ਟੁੱਕ ਕਿਹਾ ਕਿ ਇੱਕ ਸੂਬੇ ਦੇ ਮੁੱਖ ਮੰਤਰੀ ਨੂੰ ਦੂਜੇ ਸੂਬੇ ਦੇ ਮੁੱਖ ਮੰਤਰੀ ਦੇ ਪ੍ਰਸ਼ਾਸਨਿਕ ਕੰਮਕਾਜ ‘ਚ ਦਖਲ ਨਹੀਂ ਦੇਣਾ ਚਾਹੀਦਾ।

ਈਦ ਮੌਕੇ ਕੈਪਟਨ ਨੇ ਕੀਤਾ ਸੀ ਐਲਾਨ

ਕਾਬਿਲੇਗੌਰ ਹੈ ਕਿ ਸ਼ੁੱਕਰਵਾਰ ਨੂੰ ਈਦ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਸਲਿਮ ਬਹੁਲ ਇਲਾਕੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ। ਸੀਐੱਮ ਨੇ ਕਿਹਾ ਸੀ ਕਿ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਲਈ ਥਾਂ ਵੇਖਣ ਲਈ ਤੁਰੰਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments