Home Punjab ਨਗਰ ਕੀਰਤਨ 'ਚ ਭਿੰਡਰਾਂਵਾਲੇ ਦੀ ਤਸਵੀਰ ਲਗਾਉਣ ਵਾਲੇ ਦੀ ਗ੍ਰਿਫ਼ਤਾਰੀ ਦਾ ਮਾਮਲਾ...

ਨਗਰ ਕੀਰਤਨ ‘ਚ ਭਿੰਡਰਾਂਵਾਲੇ ਦੀ ਤਸਵੀਰ ਲਗਾਉਣ ਵਾਲੇ ਦੀ ਗ੍ਰਿਫ਼ਤਾਰੀ ਦਾ ਮਾਮਲਾ ਭਖਿਆ…ਵਿਰੋਧ ‘ਚ SGPC ਨੇ ਕਹੀ ਵੱਡੀ ਗੱਲ

December 22, 2022
(Amritsar)

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਨਗਰ ਕੀਰਤਨ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਆਪਣੇ ਟ੍ਰੈਕਟਰ ‘ਤੇ ਲਗਾਉਣ ਵਾਲੇ ਨੌਜਵਾਨ ਦੀ ਗ੍ਰਿਫ਼ਤਾਰੀ ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਘੱਟਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਤੇ ਧੱਕਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਧਾਮੀ ਨੇ ਕਿਹਾ ਕਿ ਭਾਰਤ ਬਹੁਧਰਮੀ ਦੇਸ਼ ਹੈ, ਜਿਸ ਵਿਚ ਸੰਵਿਧਾਨ ਅਨੁਸਾਰ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ।

ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣਾ ਗੁਨਾਹ ਨਹੀਂ- ਧਾਮੀ

ਧਾਮੀ ਨੇ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣਾ ਗੁਨਾਹ ਨਹੀਂ ਹੈ, ਲਿਹਾਜ਼ਾ ਜਬਲਪੁਰ ਵਿਖੇ ਸਿੱਖ ਨੌਜਵਾਨ ’ਤੇ ਪਾਇਆ ਕੇਸ ਤੁਰੰਤ ਰੱਦ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਬੇਕਸੂਰ ਸਿੱਖ ਨੌਜੁਆਨ ਵਿਰੁੱਧ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰਨ।

ਧਾਮੀ ਨੇ ਮੱਧ ਪ੍ਰਦੇਸ਼ ਦੇ ਪ੍ਰਤੀਨਿਧ ਸਿੱਖਾਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਸਥਾਨਕ ਪੱਧਰ ’ਤੇ ਉਠਾਉਣ ਤਾਂ ਜੋ ਸਿੱਖ ਨੌਜੁਆਨ ਨੂੰ ਇਨਸਾਫ ਮਿਲ ਸਕੇ।

ਕੀ ਹੈ ਪੂਰਾ ਵਿਵਾਦ..?

ਦੱਸ ਦਈਏ ਕਿ ਪਿਛਲੇ ਦਿਨੀਂ ਜਬਲਪੁਰ ਵਿੱਚ ਸਿੱਖ ਸੰਗਤ ਵੱਲੋਂ ਨਗਰ ਕੀਰਤਨ ਕੱਢਿਆ ਗਿਆ ਸੀ। ਨਗਰ ਕੀਰਤਨ ਵਿੱਚ 30 ਸਾਲਾ ਪ੍ਰਭਜੋਤ ਸਿੰਘ ਆਪਣਾ ਟ੍ਰੈਕਟਰ ਲੈ ਕੇ ਸ਼ਾਮਲ ਹੋਇਆ ਸੀ। ਪ੍ਰਭਜੋਤ ਦੇ ਟ੍ਰੈਕਟਰ ‘ਤੇ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments